ਗੁਰਚਰਨਜੀਤ ਬਾਵਾ/ਦਲਬੀਰ ਸੱਖੋਵਾਲੀਆ
ਘੁਮਾਣ/ਬਟਾਲਾ, 14 ਨਵੰਬਰ
ਇੱਥੇ ਸ਼੍ਰੋਮਣੀ ਭਗਤ ਨਾਮਦੇਵ ਦੇ 751ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਜਿਥੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਥੇ ਹੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਸ੍ਰੀ ਵੇਰਕਾ ਨੇ ਭਗਤ ਨਾਮਦੇਵ ਦੇ ਭਵਨ ਲਈ 5 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਨੇ ਆਪਣੇ ਜੀਵਨ ਦੇ ਕਈ ਸਾਲ ਨਗਰ ਘੁਮਾਣ ਵਿੱਚ ਬਤੀਤ ਕੀਤੇ ਤੇ ਉਨ੍ਹਾਂ ਨੇ ਹੀ ਇਸ ਨਗਰ ਦਾ ਨਾਮਕਰਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਸਲੋਕ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ, ਜਿਨ੍ਹਾਂ ਤੋਂ ਮਨੁੱਖ ਨੂੰ ਆਪਣਾ ਜੀਵਨ ਬਤੀਤ ਕਰਨ ਸਬੰਧੀ ਸਹੀ ਸੇਧ ਮਿਲਦੀ ਹੈ। ਵਿਧਾਇਕ ਲਾਡੀ ਨੇ ਸਰਕਾਰ ਵਲੋਂ ਭਗਤ ਨਾਮਦੇਵ ਦੇ ਜਨਮ ਦਿਹਾੜੇ ਨੂੰ ਰਾਜ ਪੱਧਰੀ ਮਨਾਉਣ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ। ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਤੇ ਹਲਕਾ ਬਾਬਾ ਬਕਾਾਲਾ ਤੋਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਆਪਣੇ ਸੰਬੋਧਨ ਵਿੱਚ ਭਗਤ ਨਾਮਦੇਵ ਦੇ ਜੀਵਨ ਤੋਂ ਜਾਣੂ ਕਰਵਾਇਆ। ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵੱਲੋਂ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਵਿਧਾਇਕ ਬਲਵਿੰਦਰ ਲਾਡੀ, ਫਤਿਹਜੰਗ ਸਿੰਘ ਬਾਜਵਾ ਅਤੇ ਸੰਤੋਖ ਸਿੰਘ ਭਲਾਈਪੁਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਸਾਹਿਬ ਸਿੰਘ ਮੰਡ, ਤਰਲੋਚਨ ਸਿੰਘ ਧਾਮੀ ਸਮੇਤ ਹੋਰ ਵੀ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਭਾਈ ਸੁਰਿੰਦਰ ਸਿੰਘ ਦੇ ਰਾਗੀ ਜਥੇ ਨੇੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਭਗਤ ਨਾਮਦੇਵ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਤੇ ਮੀਤ ਸਕੱਤਰ ਨਿਰਵੈਲ ਸਿੰਘ ਆਦਿ ਹਾਜ਼ਰ ਸਨ।