ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਐਲਾਨ ਕੀਤਾ ਹੈ ਕਿ ਚੰਡੀਗੜ੍ਹ ਬਿਜਲੀ ਵਿਭਾਗ ਇੱਕ ਨਿੱਜੀ ਕੰਪਨੀ ਨੂੰ ਕੌਡੀਆਂ ਦੇ ਭਾਅ ਵੇਚਣ ਵਿਰੁੱਧ ਹੜਤਾਲੀ ਮੁਲਾਜ਼ਮਾਂ ਦੀ ਹਮਾਇਤ ਵਿੱਚ ਹੜਤਾਲ ਵਾਪਸੀ ਦੇ ਬਾਵਜੂਦ 25 ਫਰਵਰੀ ਨੂੰ ਪਿੰਡ-ਪਿੰਡ ਅਰਥੀ ਫੂਕ ਰੋਸ ਪ੍ਰਦਰਸ਼ਨ ਬਾਕਾਇਦਾ ਕੀਤੇ ਜਾਣਗੇ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਨਿੱਜੀਕਰਨ, ਸੰਸਾਰੀਕਰਨ, ਉਦਾਰੀਕਰਨ ਦੀਆਂ ਸਾਮਰਾਜੀ ਨੀਤੀਆਂ ਵਿਰੁੱਧ ਦੇਸ਼ ਦੇ ਸਾਰੇ ਪੀੜਤ ਤਬਕਿਆਂ ਦੀ ਸਾਂਝੀ ਸੰਘਰਸ਼ ਲਹਿਰ ਉਸਾਰਨ ਦੇ ਜਥੇਬੰਦੀ ਦੇ ਮਿਥੇ ਹੋਏ ਕਾਰਜ ਦੀ ਪੂਰਤੀ ਲਈ ਹੀ ਇਹ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਿੱਜੀ ਕਾਰਪੋਰੇਟਾਂ ਦੇ ਵਾਰੇ ਨਿਆਰੇ ਕਰਨ ’ਤੇ ਤੁਲੀ ਹੋਈ ਮੋਦੀ ਸਰਕਾਰ ਦੀਆਂ ਹਦਾਇਤਾਂ ਤਹਿਤ ਕੰਮ ਕਰ ਰਹੇ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੀ 25 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ 871 ਕਰੋੜ ਰੁਪਏ ਵਿੱਚ ਲੁਟਾ ਦਿੱਤੀ ਹੈ। ਉਹ ਵੀ ਅਜਿਹੀ ਕੰਪਨੀ ਨੂੰ ਜਿਸ ਦਾ ਸਿਰਫ਼ ਦੋ ਸਾਲਾਂ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਫੈ਼ਸਲੇ ਦਾ ਬਹਾਨਾ ਅਤੇ ਜ਼ਰੂਰੀ ਸੇਵਾਵਾਂ ਕਾਨੂੰਨ ਤਹਿਤ ਹੜਤਾਲੀ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਵਰਗੀਆਂ ਕਾਰਵਾਈਆਂ ਚੰਡੀਗੜ੍ਹ ਪ੍ਰਸ਼ਾਸਨ ਦੇ ਟਾਲ-ਮਟੋਲ ਵਾਲੇ ਅਤੇ ਜਾਬਰ ਹਥਕੰਡਿਆਂ ਨੂੰ ਨਾਕਾਮ ਕਰਨਾ ਵੀ ਅਰਥੀ ਫੂਕ ਪ੍ਰਦਰਸ਼ਨਾਂ ਦਾ ਨਿਸ਼ਾਨਾ ਹੈ। ਉਨ੍ਹਾਂ ਦੱਸਿਆ ਹੈ ਕਿ ਪੰਜਾਬ ਦੇ ਬਿਜਲੀ ਵਿਭਾਗ ਵੱਲੋਂ ਚਿੱਪਾਂ ਵਾਲੇ ਆਨਲਾਈਨ ਮੀਟਰ ਘਰਾਂ ਤੋਂ ਬਾਹਰ ਲਾਉਣ ਦਾ ਫੈ਼ਸਲਾ ਵੀ ਬਿਜਲੀ ਕਾਰੋਬਾਰ ਦਾ ਮੁਕੰਮਲ ਨਿੱਜੀਕਰਨ ਕਰਨ ਵੱਲ ਕਦਮ ਹੈ।