ਸੁਰਜੀਤ ਮਜਾਰੀ
ਬੰਗਾ, 27 ਸਤੰਬਰ
ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਵੱਲੋਂ ਪਿੰਡ ਖਟਕੜ ਕਲਾਂ ਵਿੱਚ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਆਦਮ ਕੱਦ ਬੁੱਤ ਸਥਾਪਤ ਕੀਤੇ ਗਏ ਹਨ। ਇਨ੍ਹਾਂ ਬੁੱਤਾਂ ਤੋਂ ਪਰਦਾ ਹਟਾਉਣ ਦੀ ਰਸਮ ਮਿਸਤਰੀ ਸੁਰਿੰਦਰ ਪਾਲ ਅਤੇ ਉਸ ਦੇ ਸਹਾਇਕ ਹਰਪਾਲ ਸਿੰਘ ਵੱਲੋਂ ਅਦਾ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹੀਦਾਂ ਦੇ ਬੁੱਤਾਂ ਨੂੰ ਫੁੱਲ ਮਾਲਾਵਾਂ ਪਹਿਨਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਭਾਣਜੇ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਨਰਲ ਸਕੱਤਰ ਪ੍ਰੋ. ਜਗਮੋਹਨ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਨੌਜਵਾਨ ਵਰਗ ਨੂੰ ਸ਼ਹੀਦਾਂ ਦੇ ਵਿਚਾਰਾਂ ਤੋਂ ਸੇਧ ਲੈਣ ਲਈ ਪ੍ਰੇਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਜੋਸ਼ ਦੇ ਨਾਲ ਹੋਸ਼ ਕਾਇਮ ਰੱਖਦਿਆਂ ਧਾਰਮਿਕ ਫਿਰਕਾਪ੍ਰਸਤੀ ਅਤੇ ਜਾਤ-ਪਾਤ ਤੋਂ ਮੁਕਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਵੱਲੋਂ ਦਿੱਤੀ ਨਾਬਰਾਬਰੀ ਦੀ ਕਾਲਖ਼ ਨੂੰ ਸਮਾਜਵਾਦ ਰਾਹੀਂ ਹੀ ਧੋਇਆ ਜਾ ਸਕਦਾ ਹੈ।
ਆਗੂਆਂ ਨੇ ਸ਼ਹੀਦ ਭਗਤ ਸਿੰਘ ਵੱਲੋਂ 1924 ’ਚ ਆਤਮ ਵਿਸ਼ਵਾਸ ਪੈਦਾ ਕਰਨ ਵਾਲੀ ਸ਼ੁਰੂ ਕੀਤੀ ਗਈ ਲਹਿਰ ਦੀ 2024 ’ਚ ਮਨਾਈ ਜਾਣ ਵਾਲੀ ਸ਼ਤਾਬਦੀ ਸਬੰਧੀ ਹੁਣ ਤੋਂ ਹੀ ਵੱਡੇ ਪੱਧਰ ’ਤੇ ਲਾਮਬੰਦੀ ਸ਼ੁਰੂ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਤੇਜਿੰਦਰ ਕੌਰ ਸੰਧੂ, ਜ਼ੋਰਾਵਰ ਸਿੰਘ, ਹਰਜੀਵਨਪਾਲ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਨਜੀਤ ਕੌਰ ਬੋਲਾ, ਬੂਟਾ ਸਿੰਘ ਮਹਿਮੂਦਪੁਰ, ਜਸਵੀਰ ਦੀਪ, ਅਜਮੇਰ ਸਿੱਧੂ, ਅਮਨਦੀਪ ਬੰਗਾ, ਮਾਸਟਰ ਹਰਬੰਸ ਹੀਊਂ ਵੀ ਹਾਜ਼ਰ ਸਨ।