ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 14 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਦੇ ਬਾਹਰ ਚੱਲ ਰਿਹਾ ‘ਰੇਲ ਰੋਕੋ ਅੰਦੋਲਨ’ ਅੱਜ 113ਵੇਂ ਦਿਨ ਵੀ ਜਾਰੀ ਰਿਹਾ। ਅੱਜ ਇੱਥੇ ਨਰੇਂਦਰਪਾਲ ਸਿੰਘ ਚਤਾਲਾ ਦੀ ਅਗਵਾਈ ਹੇਠ ਜਥੇ ਨੇ ਅੰਦੋਲਨ ’ਚ ਸ਼ਾਮਲ ਹੁੰਦਿਆਂ ਕਿਸਾਨ ਵਿਰੋਧੀ ਬਿਆਨ ਦੇਣ ਦੇ ਰੋਸ ਵਜੋਂ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਦੀ ਅਰਥੀ ਫੂਕੀ।
ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਹੇਮਾ ਮਾਲਿਨੀ ਵੱਲੋਂ ਕਿਸਾਨਾਂ ਖ਼ਿਲਾਫ਼ ਘਟੀਆ ਬਿਆਨਬਾਜ਼ੀ ਕਰਨ ਕਿ ‘ਕਿਸਾਨਾਂ ਕੋਲ ਕੋਈ ਏਜੰਡਾ ਨਹੀਂ ਹੈ” ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਆ ਕੇ ਦੇਸ਼ ਵਾਸੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਭੁੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਬਾਰੇ ਚੰਗੀ ਤਰ੍ਹਾਂ ਪਤਾ ਹੈ ਅਤੇ ਭਾਜਪਾ ਅਜਿਹੇ ਭੜਕਾਊ ਬਿਆਨ ਦੇਣ ਤੋਂ ਗੁਰੇਜ਼ ਕਰੇ। ਇਸ ਮੌਕੇ ਕਿਸਾਨਾਂ ਨੇ ਮਾਘੀ ਮੌਕੇ 40 ਮੁਕਤਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਤੋਂ ਸੇਧ ਲੈਣ ਦਾ ਪ੍ਰਣ ਕੀਤਾ। ਕਿਸਾਨ ਆਗੂਆਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਸਭਰਾ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ 26 ਜਨਵਰੀ ਦੀ ਟਰੈਕਟਰ ਪਰੇਡ ਦੀ ਤਿਆਰੀ ਲਈ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ 20 ਜਨਵਰੀ ਨੂੰ ਲੱਖਾਂ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਪੰਜਾਬ ਦੇ ਪਿੰਡਾਂ ਤੋਂ ਦਿੱਲੀ ਅੰਦੋਲਨ ਲਈ ਕੂਚ ਕਰਨਗੇ।