ਐੱਨਪੀ ਧਵਨ
ਪਠਾਨਕੋਟ, 9 ਜੁਲਾਈ
ਬੀਤੇ ਦਿਨ ਕਠੂਆ ਜ਼ਿਲ੍ਹੇ ਦੇ ਬਿਲਾਵਰ ਇਲਾਕੇ ’ਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪਠਾਨਕੋਟ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਖਾਸ ਤੌਰ ’ਤੇ ਬਮਿਆਲ ਦੇ ਸਰਹੱਦੀ ਇਲਾਕੇ ਦੇ ਸਾਰੇ ਨਾਕਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿਸ ਵਿੱਚ ਮਹਿਲਾ ਕਰਮਚਾਰੀ ਵੀ ਵਿਸ਼ੇਸ਼ ਤੌਰ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕਰ ਰਹੀਆਂ ਹਨ। ਪਠਾਨਕੋਟ ਜ਼ਿਲ੍ਹੇ ਦੀ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਅਤੇ ਬੀਐੱਸਐੱਫ ਵੱਲੋਂ ਸਾਂਝੇ ਤੌਰ ’ਤੇ ਕਈ ਤਲਾਸ਼ੀ ਮੁਹਿੰਮਾਂ ਚਲਾਈਆਂ ਜਾ ਚੁੱਕੀਆਂ ਹਨ। ਅੱਜ ਵੀ ਨਰੋਟ ਜੈਮਲ ਸਿੰਘ, ਬਮਿਆਲ, ਸੁਜਾਨਪੁਰ, ਮਾਧੋਪੁਰ, ਸ਼ਾਹਪੁਰਕੰਡੀ ਵਿੱਚ ਸਥਿਤ ਨਾਕਿਆਂ ’ਤੇ ਸਖ਼ਤ ਚੈਕਿੰਗ ਕੀਤੀ ਗਈ, ਇੱਥੋਂ ਤੱਕ ਕਿ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਵਾਹਨਾਂ ਅੰਦਰਲੇ ਸਾਮਾਨ ਦੀ ਤਲਾਸ਼ੀ ਲਈ ਗਈ। ਡੀਐੱਸਪੀ ਹਰਕ੍ਰਿਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਸਰਹੱਦੀ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ, ਖਾਸ ਕਰ ਕੇ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਇਲਾਕੇ ਨੂੰ, ਆਉਣ-ਜਾਣ ਵਾਲੇ ਲੋਕਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੁਰੱਖਿਆ ਵਿੱਚ ਆਈਟੀਬੀਪੀ, ਕਮਾਂਡੋ ਫੋਰਸ, ਆਈਆਰਬੀ ਵੀ ਲਗਾਈ ਗਈ ਹੈ। ਵਿਸ਼ੇਸ਼ ਤੌਰ ’ਤੇ ਸ਼ੱਕੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਸੁਰੱਖਿਆ ਸਬੰਧੀ ਐੱਸਐੱਸਪੀ ਸੁਹੇਲ ਕਾਸਿਮ ਮੀਰ ਪੂਰੀ ਤਰ੍ਹਾਂ ਅਲਰਟ ’ਤੇ ਹਨ ਅਤੇ ਕੱਲ੍ਹ ਦੇ ਹਮਲੇ ਤੋਂ ਬਾਅਦ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।