ਜੋਗਿੰਦਰ ਸਿੰਘ ਓਬਰਾਏ
ਖੰਨਾ, 19 ਸਤੰਬਰ
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਹੈ ਪਰ ਅਨਾਜ ਮੰਡੀਆਂ ’ਚ ਖਰੀਦ ਸਬੰਧੀ ਆੜ੍ਹਤੀਆਂ ਤੇ ਸ਼ੈੱਲਰ ਮਾਲਕਾਂ ਵਿਚਾਲੇ ਰੇੜਕਾ ਬਰਕਰਾਰ ਹੈ। ਇਸ ਰੇੜਕੇ ਦਰਮਿਆਨ ਝੋਨੇ ਦੀ ਖਰੀਦ ਸਬੰਧੀ ਵੱਡੀ ਸਮੱਸਿਆ ਪੈਦਾ ਹੋਣ ਦੀ ਸੰਭਾਵਨਾ ਹੈ। ਮੰਗਾਂ ਨਾ ਮੰਨੇ ਜਾਣ ’ਤੇ ਆੜ੍ਹਤੀਆਂ ਨੇ ਪਹਿਲੀ ਅਕਤੂਬਰ ਤੋਂ ਹੜਤਾਲ ਕਰਨ ਅਤੇ ਸ਼ੈੱਲਰ ਮਾਲਕਾਂ ਨੇ ਵੀ ਕੰਮ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਫੈਡਰੇਸ਼ਨ ਆੜ੍ਹਤੀ ਐਸੋਸੀਏਸ਼ਨ ਦੇ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਉਨ੍ਹਾਂ ਦੀ ਮੰਗ ਹੈ ਕਿ ਆੜ੍ਹਤ 2.5 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੀ ਜਾਵੇ। ਇਸ ਦੇ ਨਾਲ ਹੀ ਲੇਬਰ ਦੀ ਕੱਟੀ ਈਪੀਐੱਫ ਤੇ ਐੱਫਸੀਆਈ ਵੱਲੋਂ ਕੁਝ ਕਿਸਾਨਾਂ ਦੇ ਦੱਬੇ ਪੈਸੇ ਵਾਪਸ ਕਰਨ ਦੀ ਮੰਗ ਹੈ ਜੇ ਕੇਂਦਰ ਸਰਕਾਰ ਨੇ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਹੜਤਾਲ ਕੀਤੀ ਜਾਵੇਗੀ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਕੇਂਦਰੀ ਫੂਡ ਸਪਲਾਈ ਮੰਤਰੀ ਨਾਲ ਅੱਜ 20 ਸਤੰਬਰ ਨੂੰ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਸਮੱਸਿਆਵਾਂ ਹੱਲ ਹੋਣ ਦੀ ਪੂਰੀ ਸੰਭਾਵਨਾ ਹੈ।