ਦਵਿੰਦਰ ਪਾਲ
ਚੰਡੀਗੜ੍ਹ, 27 ਫਰਵਰੀ
ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਬੇਗਮਪੁਰਾ ਸਮਾਜ ਦੇ ਮੁੱਦਈ ਭਗਤ ਰਵਿਦਾਸ ਦਾ ਪ੍ਰਕਾਸ਼ ਉਤਸਵ ਅਤੇ ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਅੰਗਰੇਜ਼ ਸਾਮਰਾਜ ਖ਼ਿਲਾਫ਼ ਜੂਝਦਿਆਂ ਜਾਨ ਵਾਰਨ ਵਾਲੇ ਇਨਕਲਾਬੀ ਜੁਝਾਰੂ ਚੰਦਰ ਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਗਿਆ। ਕਿਸਾਨ ਆਗੂਆਂ ਨੇ ਗੁਰੂ ਰਵਿਦਾਸ ਤੇ ਸ਼ਹੀਦ ਚੰਦਰ ਸ਼ੇਖ਼ਰ ਆਜ਼ਾਦ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਨੂੰ ਗ੍ਰਹਿਣ ਕਰਨ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਆਪਣੀ ਬਾਣੀ ਵਿੱਚ ਸਾਂਝੀਵਾਲਤਾ, ਸਮਾਨਤਾ, ਸਿੱਖਿਆ ਦੇ ਮਹੱਤਵ ਤੇ ਮਨੁੱਖੀ ਆਜ਼ਾਦੀ ਦੀ ਗੱਲ ਕੀਤੀ ਹੈ। ਇਸੇ ਤਰ੍ਹਾਂ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਦੇਸ਼ ਭਗਤੀ ਦੀ ਭਾਵਨਾ ਨਾਲ ਦੇਸ਼ ਦੀ ਤਰੱਕੀ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਤਾਨਾਸ਼ਹੀ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਸਾਰੇ ਧਰਨਿਆਂ ਨੂੰ ਹੋਰ ਮਜ਼ਬੂਤ ਕਰਦਿਆਂ 8 ਮਾਰਚ ਨੂੰ ਕੌਮਾਂਤਰੀ ਔਰਤ ਦਿਵਸ ਮੌਕੇ ਦਿੱਲੀ ਦੀਆਂ ਹੱਦਾਂ ’ਤੇ ਧਰਨੇ ਵਿੱਚ ਔਰਤਾਂ ਦੀ ਜ਼ੋਰਦਾਰ ਸ਼ਮੂਲੀਅਤ ਕਰਵਾਈ ਜਾਵੇਗੀ ਅਤੇ ਪੰਜਾਬ ਦੇ ਧਰਨੇ ਵੀ ਕੌਮਾਂਤਰੀ ਮਹਿਲਾ ਦਿਹਾੜੇ ਨੂੰ ਸਮਰਪਿਤ ਕੀਤੇ ਜਾਣਗੇ।
ਬੀਕੇਯੂ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ, ਬੀਕੇਯੂ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਕਿਸਾਨ ਆਗੂ ਪ੍ਰੇਮ ਸਿੰਘ ਭੰਗੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਹੋਰਨਾਂ ਨੇ ਦੱਸਿਆ ਕਿ ਦਿੱਲੀ ਮੋਰਚੇ ਤੋਂ ਇਲਾਵਾ ਪੰਜਾਬ ’ਚ ਚੱਲਦੇ ਪੱਕੇ ਮੋਰਚਿਆਂ ਵਿੱਚ ਅੱਜ ਦਾ ਦਿਨ ਗੁਰੂ ਰਵਿਦਾਸ ਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਸ਼ਹੀਦ ਚੰਦਰ ਸ਼ੇਖਰ ਦੇ ਸ਼ਹੀਦੀ ਦਿਹਾੜੇ ਨੂੰ ਵੀ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ। ਬੁਲਾਰਿਆਂ ਨੇ ਗੁਰੂ ਰਵਿਦਾਸ ਦੀ ਵਿਚਾਰਧਾਰਾ ਅਤੇ ਸੰਘਰਸ਼ ਉੱਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ ਦਾ ਅੰਨਦਾਤਾ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਹੱਦਾਂ ਉੱਤੇ ਧਰਨੇ ਮਾਰੀ ਬੈਠਾ ਹੈ ਅਜਿਹੇ ਸਮੇਂ ਸਾਨੂੰ ਗੁਰੂ ਸਾਹਿਬ ਦੇ ਦਿਖਾਏ ਸੱਚ ਦੇ ਮਾਰਗ ਉੱਤੇ ਜੂਝਣ ਦਾ ਪ੍ਰਣ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਲੱਖਾਂ ਹੀ ਕਿਸਾਨਾਂ, ਮਜ਼ਦੂਰਾਂ, ਔਰਤਾਂ ਤੇ ਨੌਜਵਾਨਾਂ ਨੇ ਇਨ੍ਹਾਂ ਸਮਾਗਮਾਂ ਵਿੱਚ ਜੋਸ਼ੋ-ਖਰੋਸ਼ ਨਾਲ ਸ਼ਿਰਕਤ ਕੀਤੀ।
ਹਰਿਆਣਾ ਵਿੱਚ ਕਈ ਥਾਈਂ ਟਰੈਕਟਰ ਮਾਰਚ ਕੱਢੇ
ਚੰਡੀਗੜ੍ਹ (ਆਤਿਸ਼ ਗੁਪਤਾ): ਸੰਯੁਕਤ ਕਿਸਾਨ ਕਿਸਾਨ ਮੋਰਚਾ ਦੇ ਸੱਦੇ ’ਤੇ ਹਰਿਆਣਾ ਦੀ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਟੌਲ ਪਲਾਜ਼ਿਆਂ, ਰਾਜਸੀ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਬਾਹਰ ਚੱਲ ਰਹੇ ਧਰਨਿਆਂ ਵਿੱਚ ਅੱਜ ਦਾ ਦਿਨ ਗੁਰੂ ਰਵਿਦਾਸ ਅਤੇ ਚੰਦਰ ਸ਼ੇਖਰ ਆਜ਼ਾਦ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਗੁਰੂ ਰਵਿਦਾਸ ਦੀ ਬਾਣੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤੇ ਨਾਲ ਹੀ ਚੰਦਰ ਸ਼ੇਖਰ ਆਜ਼ਾਦ ਦੇ ਦਿਖਾਏ ਰਾਹ ’ਤੇ ਚੱਲਣ ਲਈ ਸਭ ਨੂੰ ਪ੍ਰੇਰਿਆ। ਹਰਿਆਣਾ ਵਿੱਚ ਕਈ ਥਾਵਾਂ ’ਤੇ ਸ਼ਾਂਤਮਈ ਧਰਨੇ ਦਿੱਤੇ ਗਏ ਅਤੇ ਕਈ ਥਾਈਂ ਟਰੈਕਟਰ ਮਾਰਚ ਕੱਢੇ ਗਏ। ਸੋਨੀਪਤ ਤੋਂ ਗੁਹਾਨਾ ਵਿਚਕਾਰ ਪੈਂਦੇ 60 ਪਿੰਡਾਂ ਵਿੱਚੋਂ ਟਰੈਕਟਰ ਮਾਰਚ ਕੱਢੇ ਗਏ। ਕਿਸਾਨ ਆਗੂਆਂ ਨੇ ਦੱਸਿਆ ਕਿ ਸੋਨੀਪਤ ਅਤੇ ਗੁਹਾਨਾ ਦੀਆਂ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਸੀ, ਜਿਸ ਸੱਦੇ ’ਤੇ ਅੱਜ ਸਮੂਹ ਇਲਾਕਾ ਵਾਸੀਆਂ ਨੇ ਟਰੈਕਟਰ ਮਾਰਚ ਵਿੱਚ ਸ਼ਮੂਲੀਅਤ ਕੀਤੀ। ਕਿਸਾਨ-ਮਜ਼ਦੂਰ ਏਕਤਾ ਦਿਵਸ ਮੌਕੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਐੱਮਐੱਸਪੀ ’ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਉਣ ਦੀ ਮੰਗ ਕੀਤੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਵੀ ਆਜ਼ਾਦ ਅਤੇ ਰਤਨ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਹੋਇਆ ਕਿਸਾਨ ਸੰਘਰਸ਼ ਜਨ ਅੰਦੋਲਨ ਦਾ ਰੂਪ ਧਾਰ ਚੁੱਕਿਆ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਵੀ ਪਿੱਛੇ ਹਟਣ ਵਾਲਾ ਨਹੀਂ ਹੈ ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰ ਪਰਤੇਗਾ।