ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 29 ਸਤੰਬਰ
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਉਪਰਾਲਿਆਂ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਗਿਆ। ਇਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਿਬ ਭਵਨ ਵਿੱਚ ਸਮਾਗਮ ਹੋਇਆ। ਇਸ ਮੌਕੇ ਫੈਸਲਾ ਹੋਇਆ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਪਰਾਲੀ ਨਾ ਸਾੜਨ ਦੇ ਸੁਨੇਹੇ ਨੂੰ ਪਿੰਡਾਂ ਵਿਚ ਲੈ ਕੇ ਜਾਣਗੇ ਅਤੇ ਆਮ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਕਿ ਪਰਾਲੀ ਨੂੰ ਸਾੜਨ ਨਾਲ ਪੰਜਾਬ ਦੇ ਵਾਤਾਵਰਨ ਦਾ ਖਤਰਨਾਕ ਹੱਦ ਤਕ ਨੁਕਸਾਨ ਹੋ ਰਿਹਾ ਹੈ।
ਬੁਲਾਰਿਆਂ ਨੇ ਪਰਾਲੀ ਸਾੜਨ ਨਾਲ ਪੰਜਾਬ ਦੇ ਵਾਤਾਵਰਨ ਦੇ ਹੋ ਰਹੇ ਨੁਕਸਾਨ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇ ਪਰਾਲੀ ਨਾ ਸਾੜੀ ਜਾਵੇ ਤਾਂ ਇਸ ਨਾਲ ਜਿੱਥੇ ਪੰਜਾਬ ਪ੍ਰਦੂਸ਼ਣ ਮੁਕਤ ਹੋ ਜਾਵੇਗਾ ਅਤੇ ਕਿਸਾਨਾਂ ਲਈ ਕਮਾਈ ਦਾ ਇੱਕ ਹੋਰ ਸਾਧਨ ਵੀ ਬਣ ਜਾਵੇਗਾ। ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਕਿ ਪਰਾਲੀ ਸਾੜਨ ਕਾਰਨ ਅੱਜ ਪੰਜਾਬ ਦੇ ਵਾਤਾਵਰਨ ਲਈ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਪਰਾਲੀ ਨਾ ਸਾੜਨ ਦਾ ਸੰਦੇਸ਼ ਘਰ-ਘਰ ਲੈ ਕੇ ਜਾਣ ਅਤੇ ਪੰਜਾਬ ਦੇ ਵਾਤਾਵਰਨ ਬਚਾਉਣ ਵਿਚ ਅਹਿਮ ਰੋਲ ਅਦਾ ਕਰਨ। ਇਸ ਮੌਕੇ ਪਰਾਲੀ ਸਾੜਨ ਦੇ ਨੁਕਸਾਨ ਅਤੇ ਪਰਾਲੀ ਤੋਂ ਲਏ ਜਾਣ ਵਾਲੇ ਲਾਭਾਂ ਨੂੰ ਦਰਸਾਉਂਦੀ ਡਾਕੂਮੈਂਟਰੀ ਵੀ ਰਿਲੀਜ਼ ਕੀਤੀ ਗਈ।
ਵਾਈਸ ਚਾਂਸਲਰ ਦੇ ਓਐਸਡੀ ਡਾ. ਹਰਦੀਪ ਸਿੰਘ ਨੇ ਕਿਹਾ ਕਿ ਖੇਤਾਂ ਵਿਚ ਪਰਾਲੀ ਨੂੰ ਸਾੜਨ ਦੀ ਥਾਂ ਜੇ ਉਸ ਨੂੰ ਸਹੀ ਤਰੀਕੇ ਨਾਲ ਸੰਭਾਲਿਆ ਜਾਵੇ ਤਾਂ ਸਨਅਤੀ ਬਾਲਣ, ਖਾਦ, ਚਾਰਾ ਜ਼ਰੀਏ ਤਬਦੀਲੀ ਲਿਆਈ ਜਾ ਸਕਦੀ ਹੈ। ਇਸ ਨਾਲ ਪੰਜਾਬ ਦਾ ਵਾਤਾਵਰਨ ਸਵੱਛ ਹੋ ਸਕਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵਿੱਤੀ ਲਾਭ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਵਾਤਾਵਰਨ ’ਚ ਫੈਲਦਾ ਜ਼ਹਿਰੀਲਾ ਪ੍ਰਦੂਸ਼ਣ ਗੰਭੀਰ ਬਿਮਾਰੀਆਂ ਫੈਲਾ ਰਿਹਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਸੰਦੇਸ਼ ਨੂੰ ਪੰਜਾਬ ਦੇ ਕੋਨੇ ਕੋਨੇ ਵਿੱਚ ਲੈ ਕੇ ਜਾਣ ਅਤੇ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।