ਬਲਵਿੰਦਰ ਰੈਤ
ਨੂਰਪੁਰ ਬੇਦੀ, 16 ਮਾਰਚ
ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਕਾਫ਼ੀ ਸਮੇਂ ਤੋਂ ਅੰਦੋਲਨ ਕਰ ਰਹੀ ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਖਣਨ ਮਾਫ਼ੀਆ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਮੇਟੀ ਦੇ ਇੱਕ ਵਫ਼ਦ ਨੇ ਥਾਣਾ ਮੁਖੀ ਨੂੰ ਸ਼ਿਕਾਇਤ ਵੀ ਕੀਤੀ ਹੈ।
ਇਲਾਕਾ ਸੰਘਰਸ਼ ਕਮੇਟੀ ਦੇ ਮੈਂਬਰ ਟਿੱਕਾ ਯਸਵੀਰ ਚੰਦ ਨੇ ਕਿਹਾ ਕਿ ਬੀਤੇ ਦਿਨੀਂ ਉਸ ਨੂੰ ਵ੍ਹਟਸਐਪ ਕਾਲ ਰਾਹੀਂ ਧਮਕੀ ਮਿਲੀ ਸੀ। ਉਨ੍ਹਾਂ ਕਿਹਾ ਕਿ ਜਦੋਂ ਬੀਤੀ ਰਾਤ ਸੰਘਰਸ਼ ਕਮੇਟੀ ਦੇ ਮੈਂਬਰ ਜਾ ਰਹੇ ਸਨ ਤਾਂ ਖੇੜਾ ਕਲਮੋਟ ਦੇ ਇਲਾਕੇ ਵਿੱਚ ਇੱਕ ਮਹਿੰਦਰਾ ਥਾਰ ਗੱਡੀ ਲਗਾਤਾਰ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰੀ ਸਾਜ਼ਿਸ਼ ਮਾਈਨਿੰਗ ਮਾਫੀਆ ਦੀ ਹੀ ਹੈ। ਇਸ ਸਬੰਧੀ ਇਲਾਕਾ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਲਿਖਤੀ ਸ਼ਿਕਾਇਤ ਥਾਣੇ ਨੂੰ ਦਿੱਤੀ ਹੈ। ਮੁੱਖ ਥਾਣਾ ਅਫਸਰ ਨੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਮੈਂਬਰ ਅਤੇ ਸੰਘਰਸ਼ ਕਮੇਟੀ ਦੇ ਸਕੱਤਰ ਐਡਵੋਕੇਟ ਵਿਸ਼ਾਲ ਸੈਣੀ ਨੇ ਕਿਹਾ ਕਿ ਮਾਈਨਿੰਗ ਮਾਫੀਆ ਨੂੰ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ।