ਪੱਤਰ ਪ੍ਰੇਰਕ
ਚੀਮਾ ਮੰਡੀ, 27 ਜੂਨ
ਪਿੰਡ ਤੋਲਾਵਾਲ ਦੇ ਇੱਕ ਕਿਸਾਨ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਾਜਰ ਸਿੰਘ ਪੁੱਤਰ ਜੰਗੀਰ ਸਿੰਘ ਵਜੋਂ ਹੋਈ ਹੈ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਨਾਜਰ ਸਿੰਘ ਦੇ ਸਿਰ ਲਗਪਗ ਪੰਜ ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਲੰਬੇ ਸਮੇਂ ਤੋਂ ਪ੍ਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੇਸ਼ਾਨੀ ਦੇ ਚੱਲਦਿਆਂ ਨਾਜਰ ਸਿੰਘ ਨੇ ਬੀਤੀ ਰਾਤ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਦਾ ਸਸਕਾਰ ਅੱਜ ਪਿੰਡ ਤੋਲਾਵਾਲ ਵਿੱਚ ਕੀਤਾ ਗਿਆ। ਇਸ ਮੌਕੇ ਕਿਸਾਨ ਯੂਨੀਅਨ ਨੇ ਮੰਗ ਕੀਤੀ ਹੈ ਕਿ ਸਰਕਾਰ ਪੀੜਤ ਪਰਿਵਾਰ ਦੇ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰੇ।