ਲਖਵੀਰ ਸਿੰਘ ਚੀਮਾ
ਟੱਲੇਵਾਲ, 1 ਨਵੰਬਰ
ਜ਼ਿਲ੍ਹਾ ਬਰਨਾਲਾ ਦੇ ਪਿੰਡ ਕੈਰੇ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਮੁਤਾਬਕ ਬਲਵੀਰ ਸਿੰਘ (49) ਪੁੱਤਰ ਜੋਗਿੰਦਰ ਸਿੰਘ ਆਪਣੇ ਸਿਰ ਚੜ੍ਹੇ ਸਰਕਾਰੀ ਤੇ ਗੈਰ-ਸਰਕਾਰੀ ਕਰਜ਼ੇ ਤੋਂ ਪ੍ਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਨੇ ਬੀਤੀ ਰਾਤ ਜ਼ਹਿਰੀਲੀ ਵਸਤੂ ਨਿਗਲ ਲਈ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਤਕਰੀਬਨ ਦੋ ਸਾਲ ਪਹਿਲਾਂ ਮ੍ਰਿਤਕ ਬਲਵੀਰ ਸਿੰਘ ਦੇ ਪੁੱਤਰ ਅਮਰੀਕ ਸਿੰਘ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ। ਪਰਿਵਾਰ ਵਿੱਚ ਮ੍ਰਿਤਕ ਦੀ ਪਤਨੀ ਤੋਂ ਇਲਾਵਾ ਨੂੰਹ ਅਤੇ ਪੋਤਰਾ-ਪੋਤਰੀ ਹਨ ਜਿਨ੍ਹਾਂ ਲਈ ਘਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਕੋਲ ਹਰ ਕੋਈ ਕਮਾਈ ਦਾ ਸਾਧਨ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਭੱਟ ਨੇ ਸਰਕਾਰ ਤੋਂ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਨੂੰ ਆਰਥਿਕ ਮਦਦ ਵਜੋਂ ਮੁਆਵਜ਼ਾ ਦੇਣ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਪੁਲੀਸ ਚੌਕੀ ਪੱਖੋ ਕੈਂਚੀਆਂ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨ ਦੇ ਆਧਾਰ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗੀ ਹੈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਕੌਰ ਨੇ ਆਪਣੇ ਬਿਆਨ ਵਿੱਚ ਕਰਜ਼ੇ ਨੂੰ ਹੀ ਖੁਦਕੁਸ਼ੀ ਦਾ ਕਾਰਨ ਕਰਜ਼ਾ ਹੀ ਦੱਸਿਆ ਹੈ।