ਖੇਤਰੀ ਪ੍ਰਤੀਨਿਧ
ਪਟਿਆਲਾ, 2 ਅਕਤੂਬਰ
ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਜਤਿੰਦਰ ਕੁਮਾਰ (ਹਵਾਲਾਤੀ/ਵਿਚਾਰ ਅਧੀਨ ਕੈਦੀ) ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਏ ਜਾਣ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਉਹ ਕਰੀਬ ਡੇਢ ਮਹੀਨਾ ਪਹਿਲਾਂ ਹੀ ਜੇਲ੍ਹ ’ਚ ਆਇਆ ਸੀ। ਉਸ ਖਿਲਾਫ਼ ਜਬਰ-ਜਨਾਹ ’ਤੇ ਅਧਾਰਤ ਧਾਰਾ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਸੀ। ਇਹ ਕੇਸ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੀ ਦਰਜ ਕਰਵਾਇਆ ਗਿਆ ਸੀ। ਇਸ ਘਿਨਾਉਣੀ ਕਾਰਵਾਈ ਕਾਰਨ ਉਹ ਕਥਿਤ ਪ੍ਰੇਸ਼ਾਨ ਰਹਿੰਦਾ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਜੇਲ੍ਹ ਵਿੱਚ ਇੱਕ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।