ਜੋਗਿੰਦਰ ਸਿੰਘ ਮਾਨ
ਮਾਨਸਾ, 30 ਮਾਰਚ
ਕਿਸਾਨ-ਮਜ਼ਦੂਰ ਖੁਦਕੁਸ਼ੀ ਪੀੜਤ ਪਰਿਵਾਰ ਕਮੇਟੀ ਪੰਜਾਬ ਵੱਲੋਂ ਰਾਜ ਵਿੱਚ ਲਗਾਤਾਰ ਵੱਧ ਰਹੀਆਂ ਖੁਦਕੁਸ਼ੀਆਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਸਮੁੱਚੇ ਪੀੜਤ ਪਰਿਵਾਰਾਂ ਦਾ ਕਰਜ਼ਾ ਮੁਆਫ਼, ਬੱਚਿਆ ਦੀ ਸਿੱਖਿਆ ਦਾ ਪ੍ਰਬੰਧ ਅਤੇ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਦਾ ਪ੍ਰਬੰਧ ਫੌਰੀ ਕਰਨ ਅਤੇ ਮੁਆਵਜ਼ੇ ਦੀਆਂ ਅਰਜ਼ੀਆਂ ਦਾ ਨਿਪਟਾਰਾ 2015 ’ਚ ਬਣੀ ਨੀਤੀ ਅਨੁਸਾਰ ਕਰਨ ਦੀ ਮੰਗ ਕੀਤੀ ਗਈ। ਕਿਸਾਨ-ਮਜ਼ਦੂਰ ਖੁਦਕੁਸ਼ੀ ਪੀੜਤ ਪਰਿਵਾਰ ਕਮੇਟੀ ਪੰਜਾਬ ਦੀ ਕਨਵੀਨਰ ਕਿਰਨਜੀਤ ਕੌਰ ਝੁਨੀਰ ਦੀ ਅਗਵਾਈ ਦਿੱਤੇ ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਪੰਜਾਬ ਵਿੱਚ ਖੁਦਕੁਸ਼ੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅਖ਼ਬਾਰੀ ਰਿਪੋਰਟਾਂ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਕੁੱਲ 22, ਬਠਿੰਡਾ ਜ਼ਿਲ੍ਹੇ ਦੇ 32, ਪਟਿਆਲਾ ਦੇ 46 ਕੇਸ, ਅਤੇ ਸੰਗੂਰਰ ਦੇ 51 ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਅਤੇ ਔਰਤਾਂ ਦੀ ਗਿਣਤੀ ਇਸ ਵਿੱਚ ਜ਼ਿਆਦਾ ਸਾਹਮਣੇ ਆਈ ਹੈ। ਇਸ ਮੌਕੇ ਜਸਪ੍ਰੀਤ ਸਿੰਘ ਕੋਟੜਾ, ਵੀਰਪਾਲ ਕੌਰ ਰੱਲਾ, ਰੁਪਿੰਦਰ ਕੌਰ ਸਿਰਸੀਵਾਲਾ, ਜਸਵੀਰ ਕੌਰ ਤੇ ਸੁਖਵਿੰਦਰ ਕੌਰ ਹਾਜ਼ਰ ਸਨ।