ਿਨੱਜੀ ਪੱਤਰ ਪ੍ਰੇਰਕ
ਸੰਗਰੂਰ, 19 ਜੂਨ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਅੰਦਰ ਤੀਜਾ ਫਰੰਟ ਉਸਾਰਨ ਦੀਆਂ ਕੋਸ਼ਿਸ਼ਾਂ ਨੂੰ ਤਾਰਪੀਡੋ ਕਰਨ ’ਤੇ ਤੁਲੇ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਕੇਂਦਰ ਦੇ ਦਬਾਅ ਹੇਠ ਤੇ ਕੈਪਟਨ ਅਮਰਿੰਦਰ ਦੀ ਸਲਾਹ ਨਾਲ ਫੈਸਲੇ ਲੈ ਕੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਕਰਕੇ ਹੀ ਪੂਰੇ ਪੰਜਾਬ ਅੰਦਰ ਪ੍ਰਸ਼ਾਸਨ ਨੇ ਕਰੋਨਾ ਮਹਾਂਮਾਰੀ ਦੀ ਮੁੱਢਲੀ ਸੁਰੱਖਿਆ ਲਈ ਬਣਾਏ ਨਿਯਮਾਂ ਨੂੰ ਛਿੱਕੇ ਟੰਗ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਕੱਠ ਕਰਨ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਜਦ ਕਿ ਸੁਖਦੇਵ ਸਿੰਘ ਢੀਂਡਸਾ ਦੇ ‘ਬਾਦਲ ਛੱਡੋ’ ਮੁਹਿੰਮ ਵਿੱਚ ਪੰਜਾਹ ਤੋਂ ਵੱਧ ਆਗੂਆਂ ਸਮਰਥਕਾਂ ਦੇ ਸ਼ਾਮਲ ਹੋਣ ’ਤੇ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।ਢੀਂਡਸਾ ਨੇ ਕਿਹਾ ਕਿ ਇਸ ਵੇਲੇ ਕਿਸਾਨ ਗੰਭੀਰ ਸੰਕਟ ਵਿੱਚੋਂ ਲੰਘ ਰਿਹਾ ਹੈ। ਖੇਤੀ ਮੰਡੀਕਰਨ ਉੱਪਰ ਖਤਰਾ ਮੰਡਰਾ ਰਿਹਾ ਹੈ। ਸਿਤਮ ਦੀ ਗੱਲ ਹੈ ਕਿ ਜਬਰ-ਜ਼ੁਲਮ ਤੇ ਕਿਸਾਨਾਂ ਦੇ ਹਿੱਤਾਂ ਲਈ ਡਟਵੀਂ ਲੜਾਈ ਲੜਨ ਵਾਲੀ ਜਥੇਬੰਦੀ ਦੀ ਅਗਵਾਈ ਕਰਨ ਵਾਲਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਕਿਸਾਨਾਂ ਦੇ ਸੰਕਟ ਨੂੰ ਤਰਜੀਹ ਦੇਣ ਦੀ ਥਾਂ ਆਪਣੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਨੂੰ ਬਚਾਉਣ ਲਈ ਵਧੇਰੇ ਗੰਭੀਰ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖਾਂ ਤੇ ਪੰਜਾਬੀ ਕਿਸਾਨਾਂ ਦੇ ਜਾਨ-ਮਾਲ ਦੀ ਰਾਖੀ ਕੀਤੀ ਜਾਵੇ।