ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਸਤੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੋਗਾ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਸਿਆਸਤਦਾਨ ਨਹੀਂ ਸਗੋਂ ਪੂੰਜੀਪਤੀ ਹੈ ਅਤੇ ਉਸ ਨੂੰ ਕੇਵਲ ਕੁਰਸੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਭਾਜਪਾਈਆਂ ਨਾਲ ਰਲ ਗਿਆ ਹੈ ਤੇ ਉਨ੍ਹਾਂ ਦੀ ਬੋਲੀ ਬੋਲ ਰਿਹਾ ਹੈ। ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਕਿਸਾਨਾਂ ’ਤੇ ਅਣ-ਮਨੁੱਖੀ ਤਸ਼ੱਦਦ ਲਈ ਕਰਨਾਲ ਵਿੱਚ ਭਾਜਪਾ ਦੀ ਸਰਕਾਰ ਤੇ ਮੋਗਾ ਵਿੱਚ ਪੰਜਾਬ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਦੋਵੇਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸੂਬੇ ਵਿੱਚ ਕਿਸੇ ਵੀ ਪਾਰਟੀ ਨੂੰ ਰੈਲੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਰੈਲੀਆਂ ਰਾਹੀਂ ਜਾਣ-ਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ ਹੈ।