ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੂਨ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੰਦੀ ਸਿੰਘਾਂ ਦਾ ਸਹਾਰਾ ਲੈ ਕੇ ਪੰਥਕ ਹੋਣ ਦਾ ਸਿਆਸੀ ਡਰਾਮਾ ਕੀਤਾ ਜਾ ਰਿਹਾ ਹੈ, ਜੋ ਉਨ੍ਹਾਂ ਦੇ ਕਿਸੇ ਕੰਮ ਨਹੀਂ ਆਉਣ ਵਾਲਾ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਨੀਤੀਆਂ ਕਾਰਨ ਬਾਦਲ ਪਰਿਵਾਰ ਆਪਣਾ ਅਕਸ ਪੂਰੀ ਤਰ੍ਹਾਂ ਖ਼ਰਾਬ ਕਰ ਚੁੱਕਿਆ ਹੈ, ਅਜਿਹੇੇ ਵਿੱਚ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਉਮੀਦਵਾਰ ਖੜ੍ਹਾ ਕਰ ਕੇ ਆਪਣੀ ਸਿਆਸਤ ਚਮਕਾਉਣ ਲਈ ਬੰਦੀ ਸਿੰਘਾਂ ਦੇ ਹਮਾਇਤੀ ਹੋਣ ਦਾ ਦਿਖਾਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਦੇ ਰਵੱਈਏ ਕਾਰਨ ਅਕਾਲੀ ਦਲ ਨੂੰ ਵਿਰੋਧੀ ਧਿਰ ਵਿੱਚ ਬੈਠਣਾ ਵੀ ਨਸੀਬ ਨਹੀਂ ਹੋਇਆ।