ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਮਈ
ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਸੂਬੇ ਦੇ ਵਿਗੜ ਰਹੇ ਹਾਲਾਤਾਂ ਦੇ ਮੱਦੇਨਜ਼ਰ ਆਪਣੀ ਸੁਰੱਖਿਆ ਵਧਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਪਰਿਵਾਰ ਦਾ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੁਲੀਸ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਹਫ਼ਤਿਆਂ ਵਿੱਚ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਨਾਜ਼ੁਕ ਬਣ ਚੁੱਕੀ ਹੈ, ਜਿਸ ਦੀ ਉਦਾਹਰਨ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਜਦੋਂ ਉਹ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਹ ਪੰਜਾਬੀਆਂ ਦੇ ਹੱਕਾਂ ਦੀ ਗੱਲ ਜ਼ੋਰਦਾਰ ਢੰਗ ਨਾਲ ਉਠਾਉਂਦੇ ਰਹੇ। ਭਾਵੇਂ ਉਹ ਭੂ ਮਾਫ਼ੀਆ, ਡਰੱਗ ਮਾਫ਼ੀਆ, ਰੇਤ ਮਾਫ਼ੀਆ, ਕੇਬਲ ਮਾਫ਼ੀਆ, ਗੈਂਗਸਟਰਾਂ ਜਾਂ ਡੇਰਾਵਾਦ ਵਿਰੁੱਧ ਹੋਵੇ। ਕਾਂਗਰਸੀ ਵਿਧਾਇਕ ਨੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਉਨ੍ਹ੍ਵਾਂ ਨੇ ਕਾਨੂੰਨ ਅਤੇ ਇਸ ਦੇ ਅਧੀਨ ਨਿਰਦੋਸ਼ਾਂ ਨੂੰ ਝੂਠੇ ਕੇਸਾਂ ਵਿੱਚ ਫਸਾਏ ਜਾਣ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ ਤਾਂ ਕੱਟੜਵਾਦੀ ਸੰਸਥਾਵਾਂ ਤੇ ਵਿਅਕਤੀਆਂ ਵੱਲੋਂ ਉਸ ਦੀ ਆਵਾਜ਼ ਦਬਾਉਣ ਲਈ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਉਨ੍ਹਾਂ ਨੇ ਏਡੀਜੀਪੀ ਸਕਿਉਰਟੀ ਨੂੰ 11 ਜੁਲਾਈ 2020 ਅਤੇ ਡੀਜੀਪੀ ਦਫ਼ਤਰ ਨੂੰ 16 ਨਵੰਬਰ 2020 ਅਤੇ 28 ਜੂਨ 2021 ਨੂੰ ਪੱਤਰ ਲਿਖ ਕੇ ਜਾਣੂ ਕਰਵਾ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਹੁਣ ਵੀ ਉਸ ਵੱਲੋਂ ਪੰਜਾਬ ਦੇ ਮਸਲਿਆਂ ਅਤੇ ਭੂ ਮਾਫ਼ੀਆ, ਰੇਤ ਮਾਫ਼ੀਆ, ਕੇਬਲ ਮਾਫ਼ੀਆ, ਡੇਰਾਵਾਦ ਅਤੇ ਬੇਰੁਜ਼ਗਾਰੀ ਖ਼ਿਲਾਫ਼ ਜਮਹੂਰੀ ਢੰਗ ਨਾਲ ਲੜਾਈ ਲੜਨ ਦੀ ਜੱਦੋ-ਜਹਿਦ ਜਾਰੀ ਹੈ। ਸੁਖਪਾਲ ਸਿੰਘ ਖਹਿਰਾ ਨੇ ਡੀਜੀਪੀ ਨੂੰ ਪੱਤਰ ਵਿੱਚ ਦੱਸਿਆ ਕਿ ਉਨ੍ਹਾਂ ਦੀ ਇੱਕ ਰਿਹਾਇਸ਼ ਪਿੰਡ ਰਾਮਗੜ੍ਹ ਥਾਣਾ ਭੁਲੱਥ, ਜ਼ਿਲ੍ਹਾ ਕਪੂਰਥਲਾ ਅਤੇ ਦੂਜੀ ਰਿਹਾਇਸ਼ ਚੰਡੀਗੜ੍ਹ ਵਿੱਚ ਹੈ। ਉਹ ਮਹਿਸੂਸ ਕਰਦੇ ਹਨ ਕਿ ਉਸ ਨੂੰ ਮੌਜੂਦਾ ਸਮੇਂ ਜੋ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ ਉਹ ਨਾਕਾਫੀ ਹੈ। ਇਸ ਲਈ ਉਨ੍ਹਾਂ ਡੀਜੀਪੀ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀਆਂ ਦੋਵੇਂ ਰਿਹਾਇਸ਼ਾਂ ’ਤੇ ਗਾਰਦ ਤਾਇਨਾਤ ਕੀਤੇ ਜਾਣ, ਇੱਕ ਸੁਰੱਖਿਆ ਵਾਹਨ ਮੁਹੱਈਆ ਕਰਵਾਇਆ ਜਾਵੇ ਅਤੇ ਲੋੜੀਂਦੇ ਸੁਰੱਖਿਆ ਮੁਲਾਜ਼ਮਾਂ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰ ਕੇ ਤਾਇਨਾਤ ਕੀਤਾ ਜਾਵੇ। ਜਾਣਕਾਰੀ ਮੁਤਾਬਿਕ ਸੁਖਪਾਲ ਸਿੰਘ ਖਹਿਰਾ ਨੇ ਇਸ ਪੱਤਰ ਦੀ ਕਾਪੀ ਏਡੀਜੀਪੀ (ਸੁਰੱਖਿਆ) ਸ਼ਰਦ ਸੱਤਿਆ ਚੌਹਾਨ ਨੂੰ ਵੀ ਭੇਜੀ ਹੈ।