ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੂਨ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਅਰਦਾਸ ਕੀਤੀ ਹੈ। ਬੀਬੀ ਕਮਲਦੀਪ ਕੌਰ ਰਾਜੋਆਣਾ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਬੀਬੀ ਰਾਜੋਆਣਾ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਾਂਗ ਕਈ ਹੋਰ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਜਿਨ੍ਹਾਂ ਦੀ ਰਿਹਾਈ ਕਰਾਉਣ ਦੇ ਉਦੇਸ਼ ਨਾਲ ਹੀ ਉਹ ਸਿਆਸੀ ਮੈਦਾਨ ਵਿੱਚ ਉਤਰੇ ਹਨ। ਉਨ੍ਹਾਂ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਯਤਨਾਂ ਵਿੱਚ ਸਹਾਇਕ ਬਣਨ। ਬੀਬੀ ਰਾਜੋਆਣਾ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਾਸਤੇ ਮੈਦਾਨ ਵਿੱਚ ਨਿਤਰੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਦਿੰਦਿਆਂ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਕੌਮ ਦੇ ਬਜ਼ੁਰਗ ਆਗੂ ਹਨ ਅਤੇ ਸੰਘਰਸ਼ੀ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਹ ਵੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਆਰੰਭੇ ਸੰਘਰਸ਼ ਵਿੱਚ ਸਹਿਯੋਗ ਦੇਣ। ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਇਸ ਵੇਲੇ ਸਿੱਖ ਕੌਮ ਦਾ ਅਹਿਮ ਮਸਲਾ ਹੈ। ਹਰ ਸਿੱਖ ਉਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ। ਹੁਣ ਜਦੋਂ ਸੰਜੀਦਗੀ ਨਾਲ ਇਸ ਸਬੰਧੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਤਾਂ ਹਰ ਸਿੱਖ ਨੂੰ ਇਸ ਵਿੱਚ ਸਹਿਯੋਗੀ ਬਣਨਾ ਚਾਹੀਦਾ ਹੈ।