ਦਵਿੰਦਰ ਪਾਲ
ਚੰਡੀਗੜ੍ਹ, 23 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਣਕ ਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਕੋਈ ਵੀ ਛੇੜਛਾੜ ਨਹੀਂ ਹੋਣ ਦੇਵੇਗਾ। ਅੱਜ ਇਥੇ ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਏਪੀਐਮਸੀ ਐਕਟ ਵਿਚ ਸੋਧ ਕਰਨ ਦਾ ਵਾਅਦਾ ਕੀਤਾ ਸੀ ਤੇ ਹੁਣ ਕਾਂਗਰਸ ਪਾਰਟੀ ਘੱਟੋ ਘੱਟ ਸਮਰਥਨ ਅਤੇ ਯਕੀਨੀ ਮੰਡੀਕਰਨ ਦੀ ਵਿਵਸਥਾ ਖਤਮ ਹੋਣ ਦਾ ਕੂੜ ਪ੍ਰਚਾਰ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਪਾਰਟੀ ਵੱਲੋਂ ਮੱਕੀ ਉਤਪਾਦਕ ਕਿਸਾਨਾਂ ਦੀ ਜਿਣਸ ਖਰੀਦਣ ਵਿਚ ਅਸਫਲ ਰਹਿਣ ’ਤੇ ਕਾਂਗਰਸ ਪਾਰਟੀ ਦੀ ਨਿਖੇਧੀ ਕੀਤੀ ਤੇ ਪ੍ਰਾਈਵੇਟ ਕੰਪਨੀਆਂ ਤੋਂ ਮਹਿੰਗੇ ਭਾਅ ਖੇਤੀਬਾੜੀ ਮਸ਼ੀਨਰੀ ਖਰੀਦੇ ਜਾਣ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ।