ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਜਨਵਰੀ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੋਦੀ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਸਿਲਸਿਲਾ ਟੁੱਟ ਜਾਣ ’ਤੇ ਅਫਸੋਸ ਜ਼ਾਹਿਰ ਕਰਦਿਆਂ ਦੋਸ਼ ਲਾਇਆ ਕਿ ਹੁਕਮਰਾਨਾਂ ਦੀ ਨੀਯਤ ਅਤੇ ਨੀਤੀ ਵਿਚ ਫਰਕ ਹੋਣ ਕਾਰਨ ਅਜਿਹਾ ਹੋਇਆ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੋਈ ਹਮਦਰਦੀ ਨਹੀਂ ਹੈ। ਇਸ ਅੰਦੋਲਨ ਵਿਚ ਸੌ ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਦੇ ਚੁੱਕੇ ਹਨ ਪਰ ਸਰਕਾਰ ਨੇ ਹੁਣ ਤਕ ਪੀੜਤਾਂ ਨਾਲ ਹਮਦਰਦੀ ਤਕ ਨਹੀਂ ਜਤਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਗੱਲਬਾਤ ਦਾ ਟੁੱਟਣਾ ਸਰਕਾਰ ਦੀ ਟਕਰਾਅ ਵਾਲੀ ਨੀਤੀ ਦਾ ਸੰਕੇਤ ਹੈ। ਉਨ੍ਹਾਂ ਨੇ ਕਿਸਾਨ ਟਰੈਕਟਰ ਪਰੇਡ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਤੋਂ ਹਰ ਵਰਗ ਦੇ ਲੋਕ ਇਸ ਵਿਚ ਸ਼ਾਮਲ ਹੋਣਗੇ।