ਗਗਨਦੀਪ ਅਰੋੜਾ
ਲੁਧਿਆਣਾ, 19 ਅਗਸਤ
ਭਾਜਪਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਜਾਂ ਫਿਰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਵਿੱਚ ਭੇਜ ਸਕਦੀ ਹੈ। ਰਾਜ ਸਭਾ ਲਈ ਨਾਮਜ਼ਦਗੀ 21 ਅਗਸਤ ਨੂੰ ਹੋਣੀ ਹੈ ਅਤੇ ਭਾਜਪਾ ਹਾਈਕਮਾਂਡ ਨੇ ਰਵਨੀਤ ਸਿੰਘ ਬਿੱਟੂ ਨੂੰ ਕਾਗਜ਼ਾਤ ਪੂਰੇ ਕਰਨ ਲਈ ਕਿਹਾ ਹੈ। ਹੁਣ ਬਿੱਟੂ ਵੀ ਕੇਂਦਰੀ ਲੀਡਰਸ਼ਿਪ ਦੇ ਇਸ਼ਾਰੇ ਦੀ ਉਡੀਕ ਕਰ ਰਹੇ ਹਨ ਕਿ ਉਸ ਨੇ ਕਿਸ ਸੂਬੇ ਵਿਚੋਂ ਰਾਜ ਸਭਾ ਵਿਚ ਜਾਣਾ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਜਯੋਤਿਰਦਿੱਤਿਆ ਸਿੰਧੀਆ ਦੀ ਥਾਂ ਰਾਜ ਸਭਾ ਭੇਜ ਸਕਦੀ ਹੈ। ਜਯੋਤਿਰਦਿੱਤਿਆ ਲੋਕ ਸਭਾ ਚੋਣ ਜਿੱਤ ਗਏ ਸਨ ਅਤੇ ਉਸ ਤੋਂ ਬਾਅਦ ਰਾਜ ਸਭਾ ਸੀਟ ਖਾਲੀ ਹੋ ਗਈ ਸੀ।
ਪੰਜਾਬ ਯੂਥ ਕਾਂਗਰਸ ਤੋਂ ਆਪਣਾ ਸਫ਼ਰ ਸ਼ੁਰੂ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਵੀ ਕਾਂਗਰਸ ਦੀ ਟਿਕਟ ’ਤੇ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਫਿਰ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹੇ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਅਤੇ ਲੁਧਿਆਣਾ ਤੋਂ ਹੀ ਭਾਜਪਾ ਦੇ ਉਮੀਦਵਾਰ ਬਣੇ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੋਂ ਹਾਰ ਗਏ ਸਨ। ਹਾਰ ਤੋਂ ਬਾਅਦ ਵੀ ਭਾਜਪਾ ਨੇ ਉਨ੍ਹਾਂ ਨੂੰ ਮੋਦੀ ਸਰਕਾਰ ’ਚ ਕੈਬਨਿਟ ਮੰਤਰੀ ਦਾ ਅਹੁਦਾ ਦੇ ਦਿੱਤਾ। ਜ਼ਿਕਰਯੋਗ ਹੈ ਕਿ ਰਾਜ ਸਭਾ ਦੀਆਂ ਕਈ ਸੀਟਾਂ ’ਤੇ ਚੋਣਾਂ ਹੋਣੀਆਂ ਹਨ ਜਿਸ ਵਿੱਚ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸੀਟਾਂ ਵੀ ਸ਼ਾਮਲ ਹਨ। ਦੋਵਾਂ ਸੂਬਿਆਂ ਵਿੱਚ ਵੀ ਭਾਜਪਾ ਕੋਲ ਬਹੁਮਤ ਹੈ ਅਤੇ ਉਥੋਂ ਰਵਨੀਤ ਸਿੰਘ ਬਿੱਟੂ ਦਾ ਰਾਜ ਸਭਾ ਵਿੱਚ ਜਾਣਾ ਆਸਾਨ ਹੋ ਜਾਵੇਗਾ। ਇਹ ਕਿਆਸ ਲਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਹੀ ਰਾਜ ਸਭਾ ਭੇਜਿਆ ਜਾਵੇਗਾ।
ਹਰਿਆਣਾ ਤੋਂ ਰਾਜ ਸਭਾ ਮੈਂਬਰ ਬਣਨ ਤੋਂ ਕੀਤਾ ਇਨਕਾਰ
ਸੂਤਰਾਂ ਦੀ ਮੰਨੀਏ ਤਾਂ ਇਸ ਤੋਂ ਪਹਿਲਾਂ ਰਵਨੀਤ ਸਿੰਘ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਹ ਸੀਟ ਵੀ ਦੀਪੇਂਦਰ ਹੁੱਡਾ ਦੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਖਾਲੀ ਹੋ ਗਈ ਸੀ ਜਿਸ ਤੋਂ ਬਾਅਦ ਚਰਚਾ ਸੀ ਕਿ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਵਿਚ ਭੇਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਦਾ ਹਰਿਆਣਾ ਨਾਲ ਪਾਣੀਆਂ ਦਾ ਵਿਵਾਦ ਚੱਲ ਰਿਹਾ ਹੈ ਜਿਸ ਕਾਰਨ ਬਿੱਟੂ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਵਿਰੁੱਧ ਨਹੀਂ ਬੋਲ ਸਕਦਾ। ਸੂਤਰਾਂ ਦਾ ਕਹਿਣਾ ਹੈ ਕਿ ਬਿੱਟੂ ਨੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਹਰਿਆਣਾ ਤੋਂ ਰਾਜ ਸਭਾ ਵਿੱਚ ਨਾ ਜਾਣ ਦੀ ਇੱਛਾ ਪ੍ਰਗਟਾਈ ਸੀ ਜਿਸ ਨੂੰ ਭਾਜਪਾ ਹਾਈ ਕਮਾਂਡ ਨੇ ਵੀ ਸਵੀਕਾਰ ਕਰ ਲਿਆ ਹੈ। ਇਸ ਤੋਂ ਇਲਾਵਾ ਹਰਿਆਣਾ ਸੀਟ ਲਈ ਕਈ ਵੱਡੇ ਆਗੂ ਦਾਅਵੇਦਾਰ ਹਨ ਜਿਸ ਤਰ੍ਹਾਂ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ, ਭਾਜਪਾ ਹਾਈ ਕਮਾਂਡ ਕਿਸੇ ਵੀ ਤਰ੍ਹਾਂ ਦਾ ਰਿਸਕ ਨਹੀਂ ਲੈਣਾ ਚਾਹੁੰਦੀ।