ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਾਟਾ ਗਰੁੱਪ ਨੂੰ ਪਹਿਲੇ ਪੜਾਅ ਤਹਿਤ ਲੁਧਿਆਣਾ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਆਧਾਰਿਤ ਸਟੀਲ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਅਲਾਟਮੈਂਟ ਦਾ ਪੱਤਰ ਸੌਂਪਿਆ ਹੈ। ਮੁੱਖ ਮੰਤਰੀ ਨੇ ਟਾਟਾ ਸਟੀਲ ਲਿਮਟਿਡ ਦੇ ਆਲਮੀ ਸੀਈਓ ਤੇ ਮੈਨੇਜਿੰਗ ਡਾਇਰੈਕਟਰ ਟੀਵੀ ਨਰੇਂਦਰਨ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਮੁਲਾਕਾਤ ਕੀਤੀ ਤੇ ਇਹ ਪੱਤਰ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰ ਦੀ ਇਸ ਮੋਹਰੀ ਕੰਪਨੀ ਦਾ ਸੂਬੇ ਵਿੱਚ ਇਹ ਪਹਿਲਾ ਨਿਵੇਸ਼ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਇਹ ਨਿਵੇਸ਼ ਕਰਨ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਟਾਟਾ ਗਰੁੱਪ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਲਗਪਗ 2600 ਕਰੋੜ ਰੁਪਏ ਦਾ ਨਿਵੇਸ਼ ਕਰਕੇ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਹਾਈ-ਟੈੱਕ ਵੈਲੀ ਇੰਡਸਟਰੀਅਲ ਪਾਰਕ ਨਾਲ ਸਟੀਲ ਪਲਾਂਟ ਸਥਾਪਤ ਕਰੇਗਾ। ਮੁੱਖ ਮੰਤਰੀ ਨੇ ‘ਇਨਵੈਸਟ ਪੰਜਾਬ’ ਦੀ ਟੀਮ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਇਸ ਪਲਾਂਟ ਦੀ ਸਥਾਪਤੀ ਲਈ ਟਾਟਾ ਸਟੀਲ ਦੇ ਪ੍ਰਬੰਧਕਾਂ ਨਾਲ ਤਾਲਮੇਲ ਬਣਾਇਆ।
ਉਨ੍ਹਾਂ ਕਿਹਾ ਕਿ ਬਿਜਲੀ ’ਤੇ ਚੱਲਣ ਵਾਲੀਆਂ ਆਰਕ ਭੱਠੀਆਂ ’ਤੇ ਆਧਾਰਤ ਇਹ ਪਲਾਂਟ 0.75 ਐੱਮ.ਟੀ.ਪੀ.ਏ. ਫਿਨਿਸਡ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫ਼ੀਸਦ ਸਕਰੈਪ ਹੋਵੇਗਾ। ਟਾਟਾ ਸਟੀਲ ਦੇ ਸੀਈਓ ਅਤੇ ਮੈਨੇਜਿੰਗ ਡਾਇਰੈਕਟਰ ਨੇ ਪੰਜਾਬ ਸਰਕਾਰ ਦੇ ਨਿਰੰਤਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਬਾਜ਼ਾਰ ਤੇ ਸਕਰੈਪ ਪੈਦਾ ਕਰਨ ਵਾਲੇ ਆਟੋ ਹੱਬ ਨੇੜੇ ਹੋਣ ਕਾਰਨ ਪੰਜਾਬ ਇਲੈਕਟ੍ਰਿਕ ਆਰਕ ਫਰਨੇਸ ਲਈ ਢੁਕਵੀਂ ਥਾਂ ਹੈ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਤੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।