ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 8 ਅਕਤੂਬਰ
ਪੰਜਾਬ ਤੇ ਚੰਡੀਗੜ੍ਹ ਦੇ ਗੈਰ ਸਰਕਾਰੀ ਕਾਲਜਾਂ ਦੇ ਅਧਿਆਪਕਾਂ ਨੇ ਅੱਜ ਪੰਜਾਬ ਸਰਕਾਰ ਅਤੇ ਯੂਟੀ ਪ੍ਰਸ਼ਾਸਨ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਅਧਿਆਪਕਾਂ ਨੇ ਰੋਸ ਜਤਾਇਆ ਕਿ ਉਨ੍ਹਾਂ ਦੀਆਂ ਤਨਖਾਹਾਂ ਨੂੰ ਯੂਜੀਸੀ ਸਕੇਲਾਂ ਨਾਲੋਂ ਡੀਲਿੰਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਤੇ ਯੂਟੀ ਪ੍ਰਸ਼ਾਸਨ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਥਾਂ ਲਾਰੇ ਲੱਪੇ ਲਾ ਰਿਹਾ ਹੈ। ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ ਦੀ ਅਗਵਾਈ ਹੇਠ ਅਧਿਆਪਕ ਡੀਏਵੀ ਕਾਲਜ ਸੈਕਟਰ-10 ਵਿੱਚ ਇਕੱਠੇ ਹੋਏ ਤੇ ਯੂਟੀ ਸਕੱਤਰੇਤ ਵੱਲ ਰੋਸ ਮਾਰਚ ਸ਼ੁਰੂ ਕੀਤਾ। ਇਸ ਮੌਕੇ ਚੰਡੀਗੜ੍ਹ ਪੁਲੀਸ ਨੇ ਅਧਿਆਪਕਾਂ ਨੂੰ ਮਾਊਂਟਵਿਊ ਹੋਟਲ ਨੇੜੇ ਰੋਕ ਲਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮਸਲੇ ਹੱਲ ਕਰਨ ਲਈ 13 ਅਕਤੂਬਰ ਤਰੀਕ ਮੁਕੱਰਰ ਕਰਵਾਈ। ਫੈਡਰੇਸ਼ਨ ਦੇ ਜਨਰਲ ਸਕੱਤਰ ਜਗਵੰਤ ਸਿੰਘ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਪੰਜਾਬ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮਿਲ ਰਹੇ ਹਨ ਤੇ ਸੱਤਵੇਂ ਤਨਖਾਹ ਕਮਿਸ਼ਨ ਲਈ ਸੰਘਰਸ਼ ਕਰ ਰਹੇ ਹਨ ਪਰ ਅਧਿਆਪਕਾਂ ਨੂੰ ਤਰੀਕ ’ਤੇ ਤਰੀਕ ਦਿੱਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਏਆਈਸੀਟੀਈ ਦੀ ਤਰਜ਼ ’ਤੇ ਯੂਜੀਸੀ ਸਕੇਲ ਦਿੱਤੇ ਜਾਣ ਤੇ ਹੋਰ ਮੰਗਾਂ ਮੰਨੀਆਂ ਜਾਣ।
ਕੇਂਦਰ ਦੀਆਂ ਖੋਜ ਲਈ ਗਰਾਂਟਾਂ ਬੰਦ ਹੋਣ ਦਾ ਖਦਸ਼ਾ
ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਜੇ ਤਨਖਾਹ ਸਕੇਲਾਂ ਨੂੰ ਯੂਜੀਸੀ ਸਕੇਲਾਂ ਨਾਲੋਂ ਡੀਲਿੰਕ ਕੀਤਾ ਗਿਆ ਤਾਂ ਕੇਂਦਰ ਦੀਆਂ ਖੋਜ ਕਾਰਜਾਂ ਲਈ ਗਰਾਂਟਾਂ ਬੰਦ ਹੋ ਜਾਣਗੀਆਂ। ਅਧਿਆਪਕ ਆਗੂ ਜਗਵੰਤ ਸਿੰਘ ਨੇ ਦੱਸਿਆ ਕਿ ਉਹ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਵੀ ਮਿਲੇ ਸਨ ਜਿਨ੍ਹਾਂ ਨੇ ਇਹ ਭਰੋਸਾ ਦਿੱਤਾ ਹੈ ਕਿ ਉਹ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮਸਲੇ ਵਿਚਾਰਨਗੇ।