ਖੇਤਰੀ ਪ੍ਰਤੀਨਿਧ
ਪਟਿਆਲਾ, 6 ਦਸੰਬਰ
ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ 2018 ਦੇ ਨੋਟੀਫਿਕੇਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਦੀ ਪੂਰਤੀ ਲਈ ਅੱਠ ਦਸੰਬਰ ਨੂੰ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਸਥਿਤ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਦੋ ਵਾਰ ਸਿੱਧੂ ਨੂੰ ਮਿਲ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਅਹੁਦਾ ਸੰਭਾਲਦਿਆਂ ਹੀ ਸਿੱਖਿਆ ਅਤੇ ਸਿਹਤ ਵੱਲ ਖਾਸ ਧਿਆਨ ਦੇਣ ਦੀ ਗੱੱਲ ਆਖੀ ਸੀ ਪਰ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ। ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਅਧਿਆਪਕ ਸੜਕਾਂ ’ਤੇ ਰੁਲ ਰਹੇ ਹਨ। ਇਸੇ ਦੇ ਰੋਸ ਵਜੋਂ ਉਨ੍ਹਾਂ ਸਿੱਧੂ ਦੀ ਰਿਹਾਇਸ਼ ਘੇਰਨ ਦਾ ਫ਼ੈਸਲਾ ਕੀਤਾ ਹੈ।