ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 20 ਮਾਰਚ
ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ’ਚ ਹੋਈ, ਜਿਸ ਵਿੱਚ ਜਥੇਬੰਦੀ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਪਿਛਲੇ ਸਮੇਂ ਵਿੱਚ ਕੀਤੇ ਸੰਘਰਸ਼ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਭਰਾਤਰੀ ਜਥੇਬੰਦੀਆਂ ਵਿੱਚ ਸ਼ਮੂਲੀਅਤ ਅਤੇ ਨਵੇਂ ਬਦਲਵੇਂ ਹਾਲਾਤ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਤੇ ਜਥੇਬੰਦੀ ਨੂੰ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ’ਤੇ ਜ਼ੋਰ ਦਿੱਤਾ ਗਿਆ। ਬੁਲਾਰਿਆਂ ਨੇ ਸੰਗਠਨ ਦੀ ਮਜ਼ਬੂਤੀ ਲਈ ਕਾਡਰ ਕੈਂਪ ਲਗਾਉਣ ਦੀ ਲੋੜ ਮਹਿਸੂਸ ਕੀਤੀ। ਇਸ ਮੌਕੇ ਜਥੇਬੰਦੀ ਦੇ ਆਗੂ ਤੇ ਮੈਂਬਰ ਰਾਖਵਾਂਕਰਨ ਨੀਤੀ, ਰੋਸਟਰ ਨੁਕਤੇ, ਵੱਖ-ਵੱਖ ਅਦਾਲਤੀ ਕੇਸਾਂ ਸਬੰਧੀ ਜਾਣੂ ਕਰਵਾਉਣ ਤੇ ਅਫ਼ਸਰਸ਼ਾਹੀ ਕੋਲ ਆਪਣੇ ਹੱਕਾਂ ਦੀ ਰਾਖੀ ਲਈ ਤੱਥਾਂ ਦੇ ਆਧਾਰ ’ਤੇ ਦਲੀਲ ਪੇਸ਼ ਕਰਨ ਦੇ ਮੁੱਦੇ ਵਿਚਾਰੇ ਗਏ।