ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਮਈ
ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅੱਜ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਵੱਡੀ ਗਿਣਤੀ ਮਿੰਨੀ ਟੈਂਪੂ ਵਾਲਿਆਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਵਿੱਚ ਜੁਗਾੜੂ ਮੋਟਰਸਾਈਕਲ ਰੇਹੜੀਆਂ ਅਤੇ ਪੀਟਰ ਰੇਹੜੇ ਬੰਦ ਨਾ ਕੀਤੇ ਜਾਣ ਤੋਂ ਖਫ਼ਾ ਧਰਨਾਕਾਰੀਆਂ ਨੇ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜੁਗਾੜੂ ਮੋਟਰਸਾਈਕਲ ਰੇਹੜੀਆਂ ਅਤੇ ਪੀਟਰ ਰੇਹੜੇ ਬੰਦ ਨਾ ਕਰਵਾਏ ਗਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਆਲ ਪੰਜਾਬ ਮਿੰਨੀ ਟਰਾਂਸਪੋਰਟ ਯੂਨੀਅਨ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਬਬਲੀ ਨੇ ਕਿਹਾ ਕਿ ਜੁਗਾੜੂ ਮੋਟਰਸਾਈਕਲ ਰੇਹੜੀਆਂ ਅਤੇ ਪੀਟਰ ਰੇਹੜੇ ਚੱਲ ਰਹੇ ਹਨ, ਜਿਨ੍ਹਾਂ ਨੇ ਛੋਟੇ ਟੈਂਪੂਆਂ, ਬੋਲੇਰੋ ਪਿਕਅੱਪ ਆਦਿ ਗੱਡੀਆਂ ਦਾ ਰੁਜ਼ਗਾਰ ਖ਼ਤਮ ਕਰ ਦਿੱਤਾ ਹੈ।