ਗਗਨਦੀਪ ਅਰੋੜਾ
ਲੁਧਿਆਣਾ, 12 ਅਕਤੂਬਰ
ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ’ਚ ਵਿਜੀਲੈਂਸ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕਾਂਗਰਸੀ ਕੌਂਸਲਰ ਗਗਨਦੀਪ ਸਿੰਘ ਸਨੀ ਭੱਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਵੱਲੋਂ ਸਨੀ ਭੱਲਾ ਨੂੰ ਅੱਜ ਪੁੱਛ-ਪੜਤਾਲ ਲਈ ਸੱਦਿਆ ਗਿਆ ਸੀ, ਜਿਸ ਦੌਰਾਨ ਕੁਝ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਨਾ ਦੇਣ ਕਾਰਨ ਵਿਜੀਲੈਂਸ ਦੀ ਟੀਮ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕੌਂਸਲਰ ਭੱਲਾ ’ਤੇ ਦੋਸ਼ ਹਨ ਕਿ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਸਬੰਧੀ ਉਸ ਨੂੰ ਕਾਫ਼ੀ ਜਾਣਕਾਰੀ ਸੀ ਤੇ ਜਾਂਚ ਦੌਰਾਨ ਇਸ ਮਾਮਲੇ ਵਿੱਚ ਉਸ ਦੀ ਮਿਲੀਭੁਗਤ ਦੇ ਕਈ ਸਬੂਤ ਮਿਲੇ ਹਨ। ਭੱਲਾ ਦੀ ਗ੍ਰਿਫ਼ਤਾਰੀ ਮਗਰੋਂ ਇੱਕ ਵਾਰ ਮੁੜ ਕਾਂਗਰਸੀ ਨਿਸ਼ਾਨੇ ’ਤੇ ਆ ਗਏ ਹਨ। ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਵੀਰਵਾਰ ਨੂੰ ਭੱਲਾ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਟੈਂਡਰ ਘਪਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦੀ ਟੀਮ ਨੇ ਇੱਕ ਸੈਲੂਨ ’ਚੋਂ ਗ੍ਰਿਫ਼ਤਾਰ ਕੀਤਾ ਸੀ ਤੇ ਕਰੀਬ 8 ਦਿਨ ਪੁਲੀਸ ਰਿਮਾਂਡ ’ਤੇ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ। ਉਦੋਂ ਤੋਂ ਵਿਜੀਲੈਂਸ ਦੀਆਂ ਕਈ ਟੀਮਾਂ ਇਸ ਮਾਮਲੇ ਦੀ ਜਾਂਚ ’ਚ ਲੱਗੀਆਂ ਹੋਈਆਂ ਹਨ। ਸਨੀ ਭੱਲਾ ਨੂੰ ਪਹਿਲਾਂ ਵੀ ਕਈ ਵਾਰ ਪੁੱਛ-ਪੜਤਾਲ ਲਈ ਸੱਦਿਆ ਜਾ ਚੁੱਕਿਆ ਹੈ। ਵਿਜੀਲੈਂਸ ਵੱਲੋਂ ਅੱਜ ਤਿੰਨ-ਚਾਰ ਘੰਟਿਆਂ ਦੀ ਪੁੱਛ ਪੜਤਾਲ ਮਗਰੋਂ ਕੌਂਸਲਰ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।
ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਨੀ ਭੱਲਾ ਦੀ ਗ੍ਰਿਫ਼ਤਾਰੀ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਤੱਥ ਮਿਲੇ ਹਨ, ਜਿਸ ਨਾਲ ਇਹ ਕਿਹਾ ਜਾ ਸਕਦਾ ਹੈ ਕਿ ਘੁਟਾਲੇ ’ਚ ਸਨੀ ਭੱਲਾ ਦੀ ਵੀ ਮਿਲੀਭੁਗਤ ਹੈ।
ਆਸ਼ੂ ਨੂੰ ਤਿੰਨ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜਿਆ
ਬਲਾਚੌਰ (ਨਿੱਜੀ ਪੱਤਰ ਪ੍ਰੇਰਕ): ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵੀ ਨਾਮਜ਼ਦ ਕਰ ਲਿਆ ਗਿਆ ਹੈ। ਜ਼ਿਲ੍ਹਾ ਅਦਾਲਤ ਨੇ ਆਸ਼ੂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਹੋਏ ਵੱਡੇ ਘਪਲੇ ਦੀ ਜਾਂਚ ਕਰਨ ਮਗਰੋਂ ਮੁਲਜ਼ਮ ਠੇਕੇਦਾਰ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ (ਦੋਵੇਂ ਭਰਾ) ਵਾਸੀ ਪਿੰਡ ਊਧਨੋਵਾਲ ਤੇ ਤਹਿਸੀਲ ਬਲਾਚੌਰ ਖ਼ਿਲਾਫ਼ ਵਿਜੀਲੈਂਸ ਬਿਊਰੋ ਜਲੰਧਰ ਵਿਚ ਕੇਸ ਦਰਜ ਕੀਤਾ ਹੋਇਆ ਹੈ। ਮੁੱਖ ਮੁਲਜ਼ਮ ਤੇਲੂ ਰਾਮ ਠੇਕੇਦਾਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸ ਨੇ ਆਪਣੇ ਪਿੰਡ ਦੇ ਵਸਨੀਕ ਯਸ਼ਪਾਲ ਤੇ ਅਜੈਪਾਲ ਦੀ ਡੀਐੱਫਐੱਸਸੀ ਰਾਕੇਸ਼ ਭਾਸਕਰ ਨਾਲ ਮੁਲਾਕਾਤ ਕਰਾਉਣ ਵਿੱਚ ਮਦਦ ਕੀਤੀ ਸੀ, ਜਿਨ੍ਹਾਂ ਨੇ ਬਾਅਦ ਵਿੱਚ ਸਾਬਕਾ ਮੰਤਰੀ ਆਸ਼ੂ ਰਾਹੀਂ ਟੈਂਡਰ ਵੀ ਪ੍ਰਾਪਤ ਕੀਤੇ ਸਨ। ਤੇਲੂ ਰਾਮ ਦੀ ਡਾਇਰੀ ਤੋਂ ਵੀ ਕਾਫ਼ੀ ਜਾਣਕਾਰੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੇ ਆਧਾਰ ’ਤੇ ਸਾਬਕਾ ਮੰਤਰੀ ਨੂੰ ਮੁਕੱਦਮੇ ਵਿੱਚ ਸ਼ਾਮਲ ਕਰਕੇ ਅਦਾਲਤ ਤੋਂ ਉਨ੍ਹਾਂ ਦਾ ਪ੍ਰੋਡਕਸ਼ਨ ਵਾਰੰਟ ਲਿਆ ਗਿਆ ਹੈ। ਪੁਲੀਸ ਰਿਮਾਂਡ ਦੌਰਾਨ ਭਾਰਤ ਭੂਸ਼ਣ ਆਸ਼ੂ ਤੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਏ ਭ੍ਰਿਸ਼ਟਾਚਾਰ ਸਬੰਧੀ ਪੁੱਛ ਪੜਤਾਲ ਕੀਤੀ ਜਾਵੇਗੀ।