ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੁਲਾਈ
ਸਿੱਖ ਜਥੇਬੰਦੀਆਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰਾਉਣ ਤੇ ਮੁਲਜ਼ਮਾਂ ਨੂੰ ਸਜ਼ਾਵਾਂ ਦੇਣ ਦੇ ਕੀਤੇ ਗਏ ਵਾਅਦੇ ਸਰਕਾਰ ਬਣਨ ਮਗਰੋਂ ਖੋਖਲੇ ਸਾਬਤ ਹੋਏ ਹਨ ਅਤੇ ਸਰਕਾਰ ਨੇ ਹੁਣ ਤੱਕ ਇਸ ਮਾਮਲੇ ਪ੍ਰਤੀ ਨਾਂਹ-ਪੱਖੀ ਰਵੱਈਆ ਅਪਣਾਇਆ ਹੋਇਆ ਹੈ। ਜਥੇਬੰਦੀ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਇਸ ਮਾਮਲੇ ਬਾਰੇ ਚਰਚਾ ਕਰਵਾਉਣ ਦੀ ਮੰਗ ਦੀ ਸਰਾਹਨਾ ਕੀਤੀ ਪਰ ਨਾਲ ਹੀ ਵਿਧਾਨ ਸਭਾ ਦੀ ਨਾਂਹ ਪੱਖੀ ਪਹੁੰਚ ਦੀ ਨਿਖੇਧੀ ਵੀ ਕੀਤੀ। ਆਗੂਆਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਨਿਆਂ ਦਿਵਾਉਣ ਦੇ ਵਾਅਦੇ ਅਤੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਨੇ ਵਿਧਾਨ ਸਭਾ ਵਿੱਚ ਬੇਅਦਬੀ ਮਾਮਲਿਆਂ ਨੂੰ ਮੁੱਢੋਂ ਹੀ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੰਗ ਨੂੰ ਮੰਨਿਆ ਜਾਣਾ ਚਾਹੀਦਾ ਸੀ। ਇਸ ਸਬੰਧੀ ਐਡਵੋਕੇਟ ਜਨਰਲ ਦੇ ਵਫ਼ਦ ਵੱਲੋਂ ਬਹਬਿਲ ਕਲਾਂ ਮੋਰਚੇ ਵਿੱਚ ਪਹੁੰਚ ਕੇ ਦਸ ਜੁਲਾਈ ਤੱਕ ਰਿਪੋਰਟ ਦੇਣ ਦੇ ਦਿੱਤੇ ਸਮੇਂ ਬਾਰੇ ਵੀ ਭਰੋਸਾ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕਾਰਗੁਜ਼ਾਰੀ ਦੀ ਦਿਸ਼ਾ ਅਤੇ ਦਸ਼ਾ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਸੀ ਪਰ ਸਰਕਾਰ ਨੇ ਆਪਣੀ ਮਨਸ਼ਾ ਸਪੱਸ਼ਟ ਕਰ ਦਿੱਤੀ ਹੈ।