ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਗਸਤ
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਵਿਚ ਕਰੋਨਾ ਪਾਜ਼ੇਟਿਵ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਪਾਬੰਦੀ ਦੇ ਬਾਵਜੂਦ ਦਾਖ਼ਲ ਹੋਣ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਜ਼ੀਰਾ ਨੂੰ ਵਿਧਾਨ ਸਭਾ ਵਿਚ ਗ਼ੈਰਕਾਨੂੰਨੀ ਦਾਖ਼ਲਾ ਕਰਵਾਉਣ ਸਬੰਧੀ ਵਿਧਾਨ ਸਭਾ ਸਪੀਕਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੂੰ ਆਸ ਹੈ ਕਿ ਸਪੀਕਰ ਵਿਧਾਨ ਸਭਾ ਦੀਆਂ ਪਰੰਪਰਾਵਾਂ ਨੂੰ ਧਿਆਨ ਵਿਚ ਰੱਖਦਿਆਂ ਬਿਨਾਂ ਪੱਖਪਾਤ ਤੋਂ ਕਾਰਵਾਈ ਕਰਨਗੇ ਪਰ ਜੇ ਉਨ੍ਹਾਂ ਅਜਿਹਾ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਸਪੀਕਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਮਤਾ ਲਿਆਵੇਗਾ। ਸ੍ਰੀ ਢਿੱਲੋਂ ਅਤੇ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਝੂਠ ਬੋਲਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਤੇ ਤੋਂ ਡਰਦੇ ਸਦਨ ਵਿਚ ਹਾਜ਼ਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿਰੋਧੀ ਧਿਰ ਨੂੰ ਵਿਧਾਨ ਸਭਾ ਤੋਂ ਬਾਹਰ ਰੱਖਿਆ ਹੈ।