ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਅਪਰੈਲ
ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਅੱਜ ਅਕਾਲੀ ਦਲ (ਟਕਸਾਲੀ) ਵੱਲੋਂ ਤੀਜੀ ਸਿਆਸੀ ਧਿਰ ਬਣਾਉਣ ਲਈ ਹਮਖਿਆਲੀ ਪਾਰਟੀਆਂ ਨਾਲ ਗੱਲਬਾਤ ਕਰਨ ਸਬੰਧੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਬ੍ਰਹਮਪੁਰਾ ਨੇ ਦੱਸਿਆ ਕਿ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਨੂੰ ਛੱਡ ਕੇ ਹੋਰ ਸਾਰੀਆਂ ਸਿਆਸੀ ਧਿਰਾਂ, ਜੋ ਹਮਖਿਆਲੀ ਹਨ, ਨਾਲ ਆਪਸੀ ਏਕਤਾ ਬਾਰੇ ਗੱਲਬਾਤ ਕੀਤੀ ਜਾਵੇਗੀ। ਇਸ ਸਬੰਧੀ ਤਿੰਨ ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿੱਚ ਕਰਨੈਲ ਸਿੰਘ ਪੀਰ ਮੁਹੰਮਦ, ਉਜਾਗਰ ਸਿੰਘ ਬਡਾਲੀ ਅਤੇ ਮਹਿੰਦਰ ਸਿੰਘ ਹੁਸੈਨਪੁਰ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਸੂਬੇ ਵਿੱਚ ਤੀਜਾ ਸਿਆਸੀ ਬਦਲ ਜ਼ਰੂਰੀ ਹੈ।