ਦਵਿੰਦਰ ਪਾਲ
ਚੰਡੀਗੜ, 5 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਦੇ ਸਾਰੇ ਹਲਕਿਆਂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅਕਾਲੀ ਆਗੂਆਂ ਨੇ ਕੈਪਟਨ ਸਰਕਾਰ ’ਤੇ ਕਿਸਾਨਾਂ ਦੇ ਹਿੱਤਾਂ ਦਾ ਨੁਕਸਾਨ ਕਰਦਿਆਂ ਕੇਂਦਰ ਨਾਲ ਦੋਸਤਾਨਾ ਮੈਚ ਖੇਡਣ ਅਤੇ ‘ਆਪ’ ’ਤੇ ਜ਼ਰੂਰੀ ਵਸਤਾਂ ਸੋਧ ਐਕਟ ਲਾਗੂ ਕਰਨ ਲਈ ਸਹਿਮਤੀ ਦੇ ਕੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ। ਵੱਖ-ਵੱਖ ਥਾਈਂ ਕੀਤੇ ਗਏ ਪ੍ਰਦਰਸ਼ਨਾਂ ਤਹਿਤ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਹਲਕੇ ’ਚ ਧਰਨੇ ਦੀ ਅਗਵਾਈ ਕੀਤੀ।
ਧਰਨਿਆਂ ਦੌਰਾਨ ਸੰਬੋਧਨ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਫਿਕਸ ਮੈਚ ਖੇਡ ਕੇ ਕਿਸਾਨਾਂ ਦੀ ਹਮਾਇਤ ਕਰਨ ਦਾ ਸਿਰਫ ਦਿਖਾਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਦਰ ਕਿਨਾਰ ਕਰ ਕੇ ਕਿਸਾਨਾਂ ਦੇ ਹਿੱਤਾਂ ਦਾ ਨੁਕਸਾਨ ਕਰਨ ਲਈ ਲਿਆਂਦੀ ਡੀਬੀਟੀ ਯੋਜਨਾ ਵਾਸਤੇ ਸਹਿਮਤੀ ਦਿੱਤੀ ਤੇ ਕਿਸਾਨਾਂ ਦੇ ਹਿੱਤ ਵੀ ਵੇਚ ਦਿੱਤੇ। ਇਸੇ ਤਰ੍ਹਾਂ ‘ਆਪ’ ਨੇ ਵੀ ਹਮੇਸ਼ਾ ਕਿਸਾਨ ਅੰਦੋਲਨ ਦੇ ਖ਼ਿਲਾਫ਼ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਪਹਿਲੇ ਅਜਿਹੇ ਮੁੱਖ ਮੰਤਰੀ ਹਨ, ਜਿਨ੍ਹਾਂ ਦੀ ਸਰਕਾਰ ਨੇ ਦਿੱਲੀ ਵਿੱਚ ਖੇਤੀਬਾੜੀ ਕਾਨੂੰਨ ਲਾਗੂ ਕੀਤੇ। ਕੇਜਰੀਵਾਲ ਸਰਕਾਰ ਨੇ ਹੀ ਜਨਵਰੀ ਵਿੱਚ ਜੇਲ੍ਹਾਂ ’ਚ ਝੂਠੇ ਦੋਸ਼ਾਂ ਹੇਠ ਡੱਕੇ ਸਿੱਖ ਨੌਜਵਾਨਾਂ ਦੀ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਹਾਲੇ ਵੀ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਦਕਿ ਕਮੇਟੀ ਦੀ ਰਿਪੋਰਟ ਵਿੱਚ ਸਪੱਸ਼ਟ ਦੱਸਿਆ ਗਿਆ ਹੈ ਕਿ ਉਸ ਨੇ ਸੋਧਿਆ ਹੋਇਆ ਜ਼ਰੂਰੀ ਵਸਤਾਂ ਐਕਟ ਲਾਗੂ ਕਰਨ ਲਈ ਸਹਿਮਤੀ ਦਿੱਤੀ ਹੈ। ਇਸ ਦੌਰਾਨ ਬੁਲਾਰਿਆਂ ਨੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰਾਂ ਢਹਿ ਢੇਰੀ ਹੋਣ ਅਤੇ ਮੁਖਤਿਆਰ ਅੰਸਾਰੀ ਵਰਗੇ ਗੈਂਗਸਟਰਾਂ ਨੂੰ ਸੂਬੇ ਦੀਆਂ ਜੇਲ੍ਹਾਂ ਵਿੱਚ ਦੋ ਸਾਲ ਤਕ ਪਨਾਹ ਦੇਣ ਦੀ ਗੱਲ ਵੀ ਉਜਾਗਰ ਕੀਤੀ।
ਮੁਹਾਲੀ (ਪੱਤਰ ਪ੍ਰੇਰਕ): ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਅਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਭਾਂਡਾ ਭੰਨਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਝੂਠੇ ਲਾਰਿਆਂ ਦਾ ਘੜਾ ਭਰ ਗਿਆ ਹੈ। ਇਸ ਵਾਰ ਸੂਬੇ ਦੇ ਲੋਕ ਇਨ੍ਹਾਂ ਦੋਹਾਂ ਆਗੂਆਂ ਦੇ ਲਾਰਿਆਂ ਵਿੱਚ ਨਹੀਂ ਆਉਣਗੇ। ਜੇ ਕੈਪਟਨ ਆਪਣੀ ਕਹਿਣੀ ਤੇ ਕਰਨੀ ਦੇ ਪੂਰੇ ਹੁੰਦੇ ਤਾਂ ਅੱਜ ਪੰਜਾਬ ਖੁਦ ਨੂੰ ਲੁੱਟਿਆ ਹੋਇਆ ਮਹਿਸੂਸ ਨਾ ਕਰਦਾ।