ਜਗਜੀਤ ਸਿੰਘ
ਮੁਕੇਰੀਆਂ, 20 ਜੂਨ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖਡੂਰ ਸਾਹਿਬ ਤੋਂ ਨਵੇਂ ਚੁਣੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦੀ ਇੱਕ ਸਾਲ ਲਈ ਹੋਰ ਵਧਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਭਗਵੰਤ ਮਾਨ ਸਰਕਾਰ ਦਾ ਸਿੱਖ ਕੌਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਤੋਂ ਸਿੱਖਾਂ ਅਤੇ ਘੱਟ ਗਿਣਤੀ ਵਿਰੋਧੀ ਕਾਲੇ ਕਨੂੰਨਾਂ ਦਾ ਵਿਰੋਧ ਕਰਦਾ ਆਇਆ ਹੈ। ਉਹ ਅੱਜ ਇੱਥੇ ਅਕਾਲੀ ਆਗੂ ਗੁਰਜਿੰਦਰ ਸਿੰਘ ਚੱਕ ਦੇ ਪਿਤਾ ਜਥੇਦਾਰ ਇਕਬਾਲ ਸਿੰਘ ਦੇ ਅਕਾਲ ਚਲਾਣੇ ਉਪਰੰਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਆਏ ਸਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹਾ ਕੇਵਲ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਐੱਨਐੱਸਏ ਤਹਿਤ ਨਜ਼ਰਬੰਦੀ ਵਧਾਉਣ ਦਾ ਸਰਕਾਰ ਕੋਲ ਕੋਈ ਠੋਸ ਅਧਾਰ ਹੀ ਨਹੀਂ ਹੈ। ਧਰਮ ਪ੍ਰਚਾਰਕਾਂ ਨੂੰ ਕਾਲੇ ਕਾਨੂੰਨਾਂ ਤਹਿਤ ਅੰਦਰ ਬੰਦ ਕਰਨਾ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਕਾਲੇ ਕਨੂੰਨਾਂ ਦਾ ਵਿਰੋਧ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਤੀ ਪੰਜਾਬੀਆਂ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ। ਅੰਮ੍ਰਿਤਸਰ ਤੋਂ ਸੱਤਾਧਾਰੀ ਪਾਰਟੀ ਦੇ ਵਿਧਾਇਕ ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰ ਦੇ ਚਹੇਤਿਆਂ ਦੇ ਨਸ਼ੇ ਵਿੱਚ ਸ਼ਾਮਲ ਹੋਣ ’ਤੇ ਸਰਕਾਰ ਦੀ ਚੁੱਪ ਨੂੰ ਉਨ੍ਹਾਂ ਸੂਬੇ ਲਈ ਘਾਤਕ ਦੱਸਿਆ ਹੈ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੀ ਚਿਤਾਵਨੀ ਨੂੰ ਕੇਵਲ ਭਾਅ ਵਧਾਉਣ ਅਤੇ ਲੋਕਾਂ ਨੂੰ ਗੁਮਰਾਹ ਕਰਨ ਵਾਲਾ ਬਿਆਨ ਕਰਾਰ ਦਿੱਤਾ ਹੈ।
ਸ੍ਰੀ ਧਾਮੀ ਨੇ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਦਿੱਤੇ ਬਿਆਨ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕਿਹਾ ਕਿ ਜਿਸ ਨੇ ਕੰਮ ਕਰਨਾ ਹੁੰਦਾ ਉਹ ਰੌਲਾ ਨਹੀਂ ਪਾਉਂਦਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਪਰਿਵਾਰ ਤੋਂ ਸਿੱਖਾਂ ਦੀ ਭਲਾਈ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਗਜ਼ੈਕਟਿਵ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਚੱਕ ਅੱਲਾ ਬਖ਼ਸ਼ ਵੀ ਹਾਜ਼ਰ ਸਨ।