ਸ਼ਗਨ ਕਟਾਰੀਆ
ਬਠਿੰਡਾ, 4 ਜੂਨ
ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ’ਚ ਬੰਦ ਗੈਂਗਸਟਰਾਂ ਨਾਲ ਵੀ ਗੱਲਬਾਤ ਕੀਤੀ। ਸ੍ਰੀ ਬੈਂਸ ਨੂੰ ਕੇਂਦਰੀ ਜੇਲ੍ਹ ਅੰਦਰ ਕੁਝ ਛੋਟੀਆਂ-ਮੋਟੀਆਂ ਕਮੀਆਂ ਨਜ਼ਰ ਆਈਆਂ, ਜਿਨ੍ਹਾਂ ਨੂੰ ਦੂਰ ਕਰਨ ਸਬੰਧੀ ਉਨ੍ਹਾਂ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਸ੍ਰੀ ਬੈਂਸ ਨੇ ਗੈਂਗਸਟਰਾਂ ਦੇ ਹਵਾਲੇ ਨਾਲ ਦੱਸਿਆ ਕਿ ਕਈਆਂ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਦੀ ਬਦੌਲਤ ਉਹ ਜੁਰਮ ਦੀ ਦੁਨੀਆ ’ਚ ਆਏ ਤੇ ਇੱਕ ਵਾਰ ਅਪਰਾਧ ਕਰਨ ਮਗਰੋਂ ਉਨ੍ਹਾਂ ਲਈ ਵਾਪਸੀ ਦੇ ਦਰਵਾਜ਼ੇ ਸਦਾ ਲਈ ਬੰਦ ਕਰ ਦਿੱਤੇ ਗਏ। ਮੰਤਰੀ ਨੇ ਦੱਸਿਆ ਕਿ ਬਹੁਤੇ ਗੈਂਗਸਟਰ ਚੜ੍ਹਦੀ ਉਮਰ ਦੇ ਹਨ ਤੇ ਜੇਲ੍ਹ ’ਚੋਂ ਬਾਹਰ ਜਾ ਕੇ ਆਮ ਲੋਕਾਂ ਵਾਂਗ ਸ਼ਾਂਤੀ ਨਾਲ ਜ਼ਿੰਦਗੀ ਬਤੀਤ ਕਰਨਾ ਚਾਹੁੰਦੇ ਹਨ। ਸ੍ਰੀ ਬੈਂਸ ਨੇ ਕਿਹਾ ਕਿ ਜੋ ਲੋਕ ਅਪਰਾਧਾਂ ਭਰੀ ਜ਼ਿੰਦਗੀ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ, ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਕਰੇਗੀ ਤੇ ਇਸ ਤਰ੍ਹਾਂ ਸੂਬੇ ਦੇ ਹਾਲਾਤ ਨੂੰ ਸੁਖਾਵਾਂ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਪੰਜਾਬ ਦੀਆਂ ਜੇਲ੍ਹਾਂ ’ਚ ਜਾ ਕੇ ਸੁਰੱਖਿਆ ਦਾ ਨਿਰੀਖਣ ਕਰ ਰਹੇ ਹਨ ਤੇ ਅਪਰਾਧੀਆਂ ਵੱਲੋਂ ਜੇਲ੍ਹਾਂ ’ਚੋਂ ਚਲਾਏ ਜਾ ਰਹੇ ਨੈੱਟਵਰਕ ਨੂੰ ਬੰਦ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ’ਚ ਸਟਾਫ਼ ਦੀ ਘਾਟ ਦੂਰ ਕਰਨ ਲਈ ਛੇਤੀ ਹੀ ਨਵੇਂ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਸ੍ਰੀ ਬੈਂਸ ਨੇ ਲਗਪਗ ਚਾਰ ਘੰਟੇ ਜੇਲ੍ਹ ਅੰਦਰ ਨਿਰੀਖਣ ਕੀਤਾ ਤੇ ਜੇਲ੍ਹ ਪ੍ਰਬੰਧਾਂ ਸਣੇ ਬੈਰਕਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ ਹੈ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਐੱਨਡੀ ਨੇਗੀ ਤੇ ਡਿਪਟੀ ਜੇਲ੍ਹ ਸੁਪਰਡੈਂਟ ਭੁਪਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।