ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਗਸਤ
ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਇਜਲਾਸ ਤੋਂ ਬਾਅਦ ਦੋ ਵਿਧਾਇਕਾਂ ਦੇ ਕਰੋਨਾ ਪਾਜ਼ੇਟਿਵ ਮਿਲਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਨੂੰ ਇੱਕ ਹਫ਼ਤੇ ਲਈ ਇਕਾਂਤਵਾਸ ਵਿੱਚ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਕਾਰਨ ਮੁੱਖ ਮੰਤਰੀ ਆਪਣੇ ਫੇਸਬੁੱਕ ਹਫ਼ਤਾਵਰੀ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਵਿੱਚ ਹਿੱਸਾ ਨਹੀਂ ਲੈ ਸਕੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਫੇਸਬੁੱਕ ’ਤੇ ਪੋਸਟ ਪਾ ਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਅਗਲੇ ਹਫ਼ਤੇ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਵੱਲੋਂ ਪਾਈ ਗਈ ਫੇਸਬੁੱਕ ਪੋਸਟ ’ਤੇ ਜ਼ਿਆਦਾਤਰ ਲੋਕਾਂ ਨੇ ਉਨ੍ਹਾਂ ਦੇ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਅਤੇ ਕੁਝ ਨੇ ਆਪਣੇ ਮਨ ਦੇ ਵਿਚਾਰ ਰੱਖੇ।