ਦੇਹਰਾਦੂਨ/ਚੰਡੀਗੜ੍ਹ, 1 ਅਕਤੂਬਰ
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਵਰਗੇ ਭਾਜਪਾ ਆਗੂਆਂ ਨਾਲ ਨੇੜਤਾ ਨੇ ਉਨ੍ਹਾਂ ਦੀ ਧਰਮ-ਨਿਰਪੱਖਤਾ ਵਾਲੀ ਵਿਚਾਰਧਾਰਾ ’ਤੇ ਸ਼ੰਕੇ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਬਹੁਮਤ ਵਾਲੀ ਸੂਬਾਈ ਸਰਕਾਰ ਨੂੰ ਤੋੜਨ ਦੇ ਯਤਨ ਨਾ ਕਰੇ। ਰਾਵਤ ਨੇ ਦੋਸ਼ ਲਾਇਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ’ਤੇ ਉਨ੍ਹਾਂ ਲੋਕਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ ਜਿਨ੍ਹਾਂ ਦੀ ਕੋਈ ਵਿਚਾਰਧਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਬਚਾਉਣ ਲਈ ਕੈਪਟਨ ਨੂੰ ਕਾਂਗਰਸ ਲੀਡਰਸ਼ਿਪ ਨਾਲ ਖੜ੍ਹਨਾ ਚਾਹੀਦਾ ਹੈ। ਉਹ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰ ਰਹੇ ਸਨ।
ਇਸ ਤੋਂ ਪਹਿਲਾਂ ਸ੍ਰੀ ਰਾਵਤ ਨੇ ਅੱਜ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕ ਦਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੈਪਟਨ ਕਹਿ ਰਹੇ ਹਨ ਕਿ ਉਨ੍ਹਾਂ ਦਾ ਅਪਮਾਨ ਹੋਇਆ ਹੈ, ਉਨ੍ਹਾਂ ਦਾ ਅਪਮਾਨ ਕਿਵੇਂ ਹੋਇਆ ਹੈ, ਜਦ ਕਿ ਪਾਰਟੀ ਨੇ ਉਨ੍ਹਾਂ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਨੂੰ ਦੋ ਵਾਰ ਫੋਨ ਕਰਕੇ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਸ੍ਰੀ ਰਾਵਤ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਕਿਸਾਨ ਵਿਰੋਧੀ ਭਾਜਪਾ ਦਾ ਮਦਦਗਾਰ ਨਹੀਂ ਬਣਨਾ ਚਾਹੀਦਾ। ਇਸ ਦੇ ਨਾਲ ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਜਾਬ ਦੀ ਬਹੁਮਤ ਵਾਲੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਨਾ ਕਰੇ।