ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਜੂਨ
ਜੋਧਪੁਰ ਵਿੱਚ ਪਿਛਲੇ ਦਿਨੀਂ ਹੋਈ ਜੁਡੀਸ਼ਲ ਸੇਵਾਵਾਂ ਦੀ ਮੁਕਾਬਲਾ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਅੰਦਰ ਜਾਣ ਤੋਂ ਰੋਕਣ ਦੇ ਮਾਮਲੇ ਵਿੱਚ ਰਾਜਸਥਾਨ ਦਾ ਸਿੱਖ ਵਫ਼ਦ ਸ੍ਰੀ ਗੰਗਾਨਗਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ। ਦੱਸਣਯੋਗ ਹੈ ਇਸ ਪ੍ਰੀਖਿਆ ਦੌਰਾਨ ਗੁਰਸਿੱਖ ਲੜਕੀ ਅਤੇ ਹੋਰ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕਿਆ ਗਿਆ ਸੀ। ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਰਾਜਸਥਾਨ ਵਿੱਚ ਧਰਮ ਪ੍ਰਚਾਰ ਲਹਿਰ ਲਈ ਸਰਗਰਮ ਆਗੂ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਨੇ ਸ੍ਰੀ ਗੰਗਾਨਗਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਰੋਸ ਪ੍ਰਗਟ ਕੀਤਾ ਹੈ। ਸਿੱਖ ਆਗੂਆਂ ਨੇ ਇਸ ਮੌਕੇ ਕਿਹਾ ਕਿ ਸਰਕਾਰ ਨੂੰ ਸੰਵਿਧਾਨ ਤਹਿਤ ਸਿੱਖਾਂ ਨੂੰ ਮਿਲੇ ਅਧਿਕਾਰਾਂ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਰਾਜਸਥਾਨ ਦੀ ਭਾਜਪਾ ਸਰਕਾਰ ਸਿੱਖਾਂ ਦੀ ਧਾਰਮਿਕ ਆਜ਼ਾਦੀ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ। ਇਸੇ ਤਰ੍ਹਾਂ ਬਾਰ ਐਸੋਸੀਏਸ਼ਨ ਨੇ ਵੀ ਆਪਣਾ ਕੰਮਕਾਜ ਠੱਪ ਕਰ ਕੇ ਸ੍ਰੀ ਗੰਗਾਨਗਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਰੋਸ ਪ੍ਰਗਟ ਕੀਤਾ। ਇਸ ਮੌਕੇ ਤੇਜਿੰਦਰ ਪਾਲ ਸਿੰਘ ਟਿੰਮਾ ਤੋਂ ਇਲਾਵਾ ਵਿਜੈ ਚਾਵਲਾ ਪ੍ਰਧਾਨ ਬਾਰ ਐਸੋਸੀਏਸ਼ਨ, ਐਡਵੋਕੇਟ ਲਖਬੀਰ ਸਿੰਘ ਮਾਨ, ਹਿੰਮਤ ਸਿੰਘ ਜੁਨੇਜਾ, ਉਮਾ ਸ਼ੰਕਰ ਵਰਮਾ, ਬਲਕਰਨ ਸਿੰਘ ਬਰਾੜ, ਪਵਨਪ੍ਰੀਤ ਸਿੰਘ ਭਾਟੀਆ, ਅਰਵਿੰਦਰ ਸਿੰਘ ਗਿੱਲ, ਅਮਨ ਪ੍ਰਕਾਸ਼ ਸਮੇਤ ਬਾਰ ਐਸੋਸੀਏਸ਼ਨ ਤੋਂ ਸਤਵਿੰਦਰ ਸਿੰਘ ਚਾਹਲ, ਗੁਰਸ਼ਰਨ ਸਿੰਘ, ਇਕਬਾਲ ਸਿੰਘ ਹਾਜ਼ਰ ਸਨ।