ਦਵਿੰਦਰ ਪਾਲ
ਚੰਡੀਗੜ੍ਹ, 17 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸ ਰਾਜ ਵੇਲੇ ਖੁਰਾਕ ਤੇ ਸਪਲਾਈ ਵਿਭਾਗ ਵਿੱਚ ਹੋਏ ਕਥਿਤ ਘੁਟਾਲੇ ਦੀ ਜਾਂਚ ਦਾ ਸੇਕ ਕਾਂਗਰਸ ਦੇ ਸਾਬਕਾ ਮੰਤਰੀ ਸਮੇਤ ਦਰਜਨ ਦੇ ਕਰੀਬ ਵਿਧਾਇਕਾਂ ਤੱਕ ਪਹੁੰਚਣ ਦੇ ਆਸਾਰ ਬਣਦੇ ਜਾ ਰਹੇ ਹਨ। ਵਿਜੀਲੈਂਸ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਵਿੱਚ ਦਰਜ ਕੀਤਾ ਗਿਆ ਮਾਮਲਾ ਇਸ ਦੀ ਸ਼ੁਰੂਆਤ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਮੁਢਲੀ ਸ਼ਿਕਾਇਤ ਲੁਧਿਆਣਾ ਵਿੱਚ ਹੀ ਦਰਜ ਕੀਤੀ ਗਈ ਸੀ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਖੁਰਾਕ ਤੇ ਸਪਲਾਈ ਵਿਭਾਗ ਵਿੱਚ 5 ਸਾਲਾਂ ਦੌਰਾਨ ਹੋਏ ਕੰਮਾਂ ਦੀ ਪੜਤਾਲ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਸੂਤਰਾਂ ਦਾ ਦੱਸਣਾ ਹੈ ਕਿ ਲੁਧਿਆਣਾ ਸਮੇਤ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਤਾਇਨਾਤ ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਵੀ ਇਸ ਮਾਮਲੇ ਬਾਰੇ ਤੱਥ ਇਕੱਠੇ ਕੀਤੇ ਜਾ ਰਹੇ ਹਨ। ਵਿਜੀਲੈਂਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਹੇਠਲੇ ਪੱਧਰ ਤੋਂ ਤਫਤੀਸ਼ ਰਾਹੀਂ ਹੀ ਸਾਬਕਾ ਮੰਤਰੀ ਜਾਂ ਵਿਧਾਇਕਾਂ ਦੀ ਭੂਮਿਕਾ ਬਾਰੇ ਖੁਰਾ ਖੋਜ ਲੱਭਿਆ ਜਾ ਸਕਦਾ ਹੈ। ਸੂਤਰਾਂ ਦਾ ਦੱਸਣਾ ਹੈ ਕਿ ਕਾਂਗਰਸ ਸਰਕਾਰ ਵੇਲੇ ਵਿਜੀਲੈਂਸ ਵੱਲੋਂ ਜਿਨ੍ਹਾਂ ਠੇਕੇਦਾਰਾਂ ਰਾਹੀਂ ਇਹ ਕੰਮ ਨੇਪਰੇ ਚਾੜ੍ਹਿਆ ਗਿਆ ਸੀ ਉਨ੍ਹਾਂ ਠੇਕੇਦਾਰਾਂ ਨੂੰ ਅਧਾਰ ਬਣਾ ਕੇ ਹੀ ਅਗਾਂਹ ਵਧਿਆ ਜਾ ਸਕਦਾ ਹੈ। ਕਾਂਗਰਸ ਸਰਕਾਰ ਦੇ ਨੇੜੇ ਰਹੇ ਠੇਕੇਦਾਰਾਂ ਵੱਲੋਂ ਵੀ ਆਪਣੀ ਖੱਲ ਬਚਾਉਣ ਲਈ ਭੱਜ ਨੱਠ ਕੀਤੀ ਜਾ ਰਹੀ ਹੈ। ਇਹ ਵੀ ਤੱਥ ਸਾਹਮਣੇ ਆਏ ਹਨ ਕਿ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕ ਠੇਕੇਦਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਟਰਾਂਸਪੋਰਟ ਦੇ ਕੰਮਾਂ ਦੀ ਅਲਾਟਮੈਂਟ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ, ਕਾਰਟੇਜ ਅਤੇ ਟਰਾਂਸਪੋਰਟੇਸ਼ਨ ਦੇ ਕੰਮਾਂ ਸਬੰਧੀ ਟੈਂਡਰ ਜਮ੍ਹਾਂ ਕਰਵਾਉਣ ਸਮੇਂ ਠੇਕੇਦਾਰਾਂ ਵੱਲੋਂ ਜਿਨ੍ਹਾਂ ਵਾਹਨਾਂ ਦੀਆਂ ਸੂਚੀਆਂ ਵਿਭਾਗ ਨੂੰ ਪੇਸ਼ ਕੀਤੀਆਂ ਗਈਆਂ ਸਨ, ਉਨ੍ਹਾਂ ਦੇ ਰਜਿਸਟ੍ਰੇਸ਼ਨ ਨੰਬਰ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ ਆਦਿ ਵਾਲੇ ਸਨ। ਇਸ ਦੀ ਟੈਂਡਰ ਕਮੇਟੀ ਦੇ ਸਬੰਧਤ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਇੱਕ ਦੂਜੇ ਨਾਲ ਅਪਰਾਧਿਕ ਮਿਲੀਭੁਗਤ ਕਾਰਨ ਤਸਦੀਕ ਨਹੀਂ ਕੀਤੀ ਗਈ। ਵਿਜੀਲੈਂਸ ਦਾ ਦਾਅਵਾ ਹੈ ਕਿ ਵਿਭਾਗ ਦੀ ਨੀਤੀ ਅਨੁਸਾਰ ਇਨ੍ਹਾਂ ਕਾਰਨਾਂ ਕਰਕੇ ਕਮੇਟੀ ਵੱਲੋਂ ਤਕਨੀਕੀ ਬੋਲੀ ਨੂੰ ਰੱਦ ਕਰਨਾ ਲਾਜ਼ਮੀ ਸੀ ਪਰ ਵਿਭਾਗ ਵੱਲੋਂ ਅਜਿਹਾ ਨਹੀਂ ਕੀਤਾ ਗਿਆ। ਇਸ ਤਰ੍ਹਾਂ ਨਾਲ ਇਨ੍ਹਾਂ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੇ ਵੇਰਵਿਆਂ ਦੇ ਨਾਲ-ਨਾਲ ਇਨ੍ਹਾਂ ਦਾ ਗੇਟ ਪਾਸਾਂ ਵਿੱਚ ਦਰਜ ਵਸਤਾਂ ਦੀ ਮਾਤਰਾ ਦਾ ਮਾਮਲਾ ਪਹਿਲੀ ਨਜ਼ਰੇ ਹੇਰਾਫੇਰੀ ਵਾਲਾ ਜਾਪਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਲਈ ਲੇਬਰ, ਕਾਰਟੇਜ ਅਤੇ ਟਰਾਂਸਪੋਰਟੇਸ਼ਨ ਟੈਂਡਰ ਮਨਜ਼ੂਰ ਕਰਨ ਦੇ ਅਮਲ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ,ਭਾਈਵਾਲਾਂ ਦੇ ਨਾਲ-ਨਾਲ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਸਬੰਧੀ ਮੁਲਜ਼ਮ ਤੇਲੂ ਰਾਮ ਵਾਸੀ ਪਿੰਡ ਊਧਨਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਪੁੱਛ-ਪੜਤਾਲ ਦੌਰਾਨ ਠੇਕੇਦਾਰਾਂ ਨੇ ਕਾਂਗਰਸੀ ਵਿਧਾਇਕਾਂ ਦੀ ਸ਼ਮੂਲੀਅਤ ਕਬੂਲੀ
ਵਿਜੀਲੈਂਸ ਸੂਤਰਾਂ ਦਾ ਕਹਿਣਾ ਹੈ ਕਿ ਪੁੱਛ-ਪੜਤਾਲ ਦੌਰਾਨ ਠੇਕੇਦਾਰਾਂ ਅਤੇ ਹੋਰਨਾਂ ਲਾਭਪਾਤਰੀਆਂ ਨੇ ਕਾਂਗਰਸ ਦੇ ਵਿਧਾਇਕਾਂ ਅਤੇ ਸੀਨੀਅਰ ਸਿਆਸਤਦਾਨਾਂ ਦੀ ਸ਼ਮੂਲੀਅਤ ਕਬੂਲੀ ਹੈ। ਇਸ ਤਰ੍ਹਾਂ ਨਾਲ ਠੇਕੇਦਾਰਾਂ ਵੱਲੋਂ ਹਿਰਾਸਤ ਦੌਰਾਨ ਕੀਤੇ ਖੁਲਾਸਿਆਂ ਦੇ ਸਬੂਤ ਇਕੱਠੇ ਕਰਨ ਲਈ ਵਿਜੀਲੈਂਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਕਾਂਗਰਸ ਦੇ ਕੁੱਝ ਆਗੂਆਂ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨ ਦਾ ਮਾਮਲਾ ਦਰਜ ਕਰਨ ਬਾਰੇ ਵੀ ਜਾਂਚ ਪੜਤਾਲ ਚੱਲ ਰਹੀ ਹੈ। ਵਿਜੀਲੈਂਸ ਵੱਲੋਂ ਦਰਜ ਇਸ ਤਾਜ਼ਾ ਮਾਮਲੇ ਤੋਂ ਬਾਅਦ ਕਾਂਗਰਸੀ ਆਗੂਆਂ ਦੀ ਨੀਂਦ ਹਰਾਮ ਹੋਈ ਪਈ ਹੈ ਤੇ ਬਚਾਅ ਲਈ ਭੱਜ-ਨੱਠ ਕਰਨ ਲੱਗੇ ਹਨ।