ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਗਸਤ
ਅੱਜ ਚੀਫ਼ ਖਾਲਸਾ ਦੀਵਾਨ ਨੇ ਐਲਾਨ ਕੀਤਾ ਹੈ ਕਿ ਅਫ਼ਗਾਨਿਸਤਾਨ ਵਿੱਚ ਫਸੇ ਸਿੱਖ ਪਰਿਵਾਰਾਂ ਦੇ ਭਾਰਤ ਆਉਣ ’ਤੇ ਇਨ੍ਹਾਂ ਦੇ ਬੱਚਿਆਂ ਨੂੰ ਸਿੱਖ ਸੰਸਥਾ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਸੰਸਥਾ ਦੇ ਪ੍ਰਧਾਨ ਨਿਰਮਲ ਸਿੰਘ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਫ਼ਗਾਨਿਸਤਾਨ ਵਿੱਚ ਗੁਰੂ ਘਰਾਂ ਅਤੇ ਹੋਰਨਾਂ ਸਥਾਨਾਂ ’ਤੇ ਫਸੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤੇ ਉਨ੍ਹਾਂ ਨੂੰ ਭਾਰਤ ਲਿਆਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਤਸ਼ੱਦਦ ਕਾਰਨ ਸਿੱਖ ਸਹਿਮ ਦੇ ਸਾਏ ਹੇਠ ਹਨ ਜਦਕਿ 200 ਤੋਂ ਵੱਧ ਸਿੱਖ ਕਾਬੁਲ ਨੇੜੇ ਇੱਕ ਗੁਰਦੁਆਰੇ ਵਿੱਚ ਸ਼ਰਨ ਲੈ ਕੇ ਬੈਠੇ ਹਨ। ਦੀਵਾਨ ਦੇ ਹੋਰਨਾਂ ਅਹੁਦੇਦਾਰਾਂ ਨੇ ਵੀ ਸਿੱਖ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।