ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੁਲਾਈ
ਪੰਜਾਬ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਉਮੀਦਵਾਰ ਮਹਿੰਦਰ ਭਗਤ ਦੀ ਵੱਡੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਚੋਣ ਵਿੱਚ ਕੰਮ ਕਰਨ ਵਾਲੇ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 14 ਜੁਲਾਈ ਨੂੰ ਦੁਪਹਿਰ 12 ਵਜੇ ਜਲੰਧਰ ਵਿੱਚ ਹੋਵੇਗੀ। ਮੀਟਿੰਗ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਮੰਤਰੀਆਂ ਤੇ ਵਿਧਾਇਕਾਂ ਲਈ ਮੀਟਿੰਗ ਤੋਂ ਬਾਅਦ ਦੁਪਹਿਰੇ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਹੈ। ਸੂਤਰਾਂ ਅਨੁਸਾਰ ‘ਆਪ’ ਵੱਲੋਂ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ 23 ਮੰਤਰੀਆਂ ਤੇ ਵਿਧਾਇਕਾਂ ਦੀ ਡਿਊਟੀਆਂ ਲਗਾਈਆਂ ਗਈਆਂ ਸਨ। ਇਸ ਚੋਣ ਵਿੱਚ ਵੱਡੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਪਾਠਕ ਵੱਲੋਂ ਚੋਣਾਂ ਵਿੱਚ ਚੰਗੀ ਜ਼ਿੰਮੇਵਾਰੀ ਨਿਭਾਉਣ ਵਾਲੇ ਵਿਧਾਇਕਾਂ ਦੀ ਪਿੱਠ ਥਾਪੜੀ ਜਾਵੇਗੀ। ਇਸ ਦੇ ਨਾਲ ਹੀ ਮੰਤਰੀਆਂ ਤੇ ਵਿਧਾਇਕਾਂ ਨਾਲ ਪਾਰਟੀ ਦੇ ਆਗਾਮੀ ਕੰਮਕਾਜ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਪੰਜ ਵਿਧਾਨ ਸਭਾ ਹਲਕਿਆਂ ’ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਵਿੱਚੋਂ ਹਾਲੇ ਸਿਰਫ਼ ਇਕ ਜ਼ਿਮਨੀ ਚੋਣ ਹੋਈ ਹੈ ਜਦੋਂਕਿ ਚਾਰ ਹਲਕਿਆਂ ਦੀਆਂ ਚੋਣਾਂ ਬਾਕੀ ਹਨ।