ਪੱਤਰ ਪ੍ਰੇਰਕ
ਚੰਡੀਗੜ੍ਹ, 10 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ, ਨਿੱਜੀਕਰਨ ਤੇ ਭਗਵੇਂਕਰਨ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਨੌਂ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਮੁਲਾਕਾਤ ਨਹੀਂ ਕੀਤੀ। ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਨਵਰਾਜ ਸਿੰਘ ਬਰਾੜ ਵੱਲੋਂ ਬੀਤੇ ਦਿਨੀਂ ਸੰਘਰਸ਼ ਕਰ ਰਹੀਆਂ ਇਨ੍ਹਾਂ ਵਿਦਿਆਰਥੀ ਜਥੇਬੰਦੀਆਂ ਨੂੰ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਵਿਦਿਆਰਥੀ ਜਥੇਬੰਦੀ ਪੀਐੱਸਯੂ (ਲਲਕਾਰ) ਦੇ ਪ੍ਰਧਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚ ਕੇ ਓਐੱਸਡੀ ਨਾਲ ਮੀਟਿੰਗ ਕੀਤੀ, ਪਰ ਉਨ੍ਹਾਂ ਵੱਲੋਂ ਨਾ ਤਾਂ ਮੁੱਖ ਮੰਤਰੀ ਨਾਲ ਮੀਟਿੰਗ ਲਈ ਕੋਈ ਸਮਾਂ ਦਿੱਤਾ ਗਿਆ ਅਤੇ ਨਾ ਹੀ ਪੰਜਾਬ ਯੂਨੀਵਰਸਿਟੀ ਦੇ ਮਸਲੇ ਸਬੰਧੀ ਕੋਈ ਗੰਭੀਰਤਾ ਦਿਖਾਈ ਗਈ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਨਾ ਹੋਈ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।