ਆਤਿਸ਼ ਗੁਪਤਾ
ਚੰਡੀਗੜ੍ਹ, 31 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਵਿਖੇ ਗਿਰਜਾਘਰ ਵਿੱਚ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ,‘ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।’ ਉਨ੍ਹਾਂ ਨੇ ਡੀਜੀਪੀ ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਸਰਕਾਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿੱਚ ਬਾਕੀਆਂ ਨੂੰ ਸਬਕ ਮਿਲ ਸਕੇ।