ਆਤਿਸ਼ ਗੁਪਤਾ
ਚੰਡੀਗੜ੍ਹ, 28 ਸਤੰਬਰ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਫ਼ਦ ਨੇ ਸੂਬੇ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਬਾਜਵਾ ਨੇ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਤੇ ਵੋਟਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ ਹੈ।
ਸ੍ਰੀ ਬਾਜਵਾ ਨੇ ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਮੰਗ ਪੱਤਰ ਸੌਂਪਦਿਆ ਵੋਟਰ ਸੂਚੀਆਂ ਤੇ ਰਾਖਵੇਂਕਰਨ ਨਾਲ ਸਬੰਧਿਤ ਉਲਝਣਾਂ ਨੂੰ ਜਲਦ ਦੂਰ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਸਣੇ ਕਾਂਗਰਸੀ ਆਗੂ ਮੌਜੂਦ ਸਨ। ਸ੍ਰੀ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਲਈ ਜਿਹੜੀਆਂ ਵੋਟਰ ਸੂਚੀਆਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ, ਉਹ ਮਿਤੀ ਜਨਵਰੀ 2023 ਤੱਕ ਦੀ ਹੈ, ਜਦੋਂ ਕਿ ਲੋਕ ਸਭਾ ਚੋਣਾਂ 1 ਜਨਵਰੀ, 2024 ਤੱਕ ਨਿਰਧਾਰਿਤ ਵੋਟਰ ਸੂਚਿਆਂ ਦੇ ਆਧਾਰ ’ਤੇ ਕਰਵਾਈ ਗਈ ਸਨ।
ਉਨ੍ਹਾਂ ਮੰਗ ਕੀਤੀ ਕਿ ਵੋਟਰ ਸੂਚੀਆਂ ਅਤੇ ਰਾਖਵੇਂ ਸਰਪੰਚ ਅਤੇ ਵਾਰਡ ਦੀਆਂ ਸੂਚੀਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀਆਂ ਜਾਣ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਚੋਣ ਕਮਿਸ਼ਨਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।