ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 19 ਅਕਤੂਬਰ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਸਨਅਤੀ ਪਲਾਟਾਂ ਦੀ ਖ਼ਰੀਦੋ-ਫ਼ਰੋਖਤ ਅਤੇ ਮੁਹਾਲੀ ਵਿੱਚ ਬੰਦ ਪਈ ਜੇਸੀਟੀ ਫੈਕਟਰੀ ਦੀ ਜ਼ਮੀਨ ਨੂੰ ਸਸਤੇ ਭਾਅ ’ਤੇ ਵੇਚਣ ਸਮੇਤ ਭ੍ਰਿਸ਼ਟਾਚਾਰ ਦੇ ਹੋਰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਕੇਸਾਂ ’ਚੋਂ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਸਾਬਕਾ ਮੰਤਰੀ ਨੇ ਪਿਛਲੇ ਦਿਨੀਂ ਵਿਜੀਲੈਂਸ ਦੇ ਏਆਈਜੀ ਤੇ ਜਾਂਚ ਅਧਿਕਾਰੀ ਮਨਮੋਹਨ ਕੁਮਾਰ ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਰਿਸ਼ਵਤ ਦੇਣ ਸਮੇਂ ਵਿਜੀਲੈਂਸ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਸੀ। ਵਿਜੀਲੈਂਸ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰ ਕੇ ਸਾਬਕਾ ਮੰਤਰੀ ਨੂੰ ਮੁੜ ਪੁਲੀਸ ਰਿਮਾਂਡ ’ਤੇ ਭੇਜਣ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਹੋਈ ਹੈ। ਉਸ ਤੋਂ ਪਤਾ ਕਰਨਾ ਹੈ ਕਿ ਉਸ ਕੋਲ ਇੰਨੇ ਪੈਸੇ ਕਿੱਥੋਂ ਆਉਂਦੇ ਸੀ ਕਿ ਨੋਟਾਂ ਦੀ ਗਿਣਤੀ ਕਰਨ ਲਈ ਮਸ਼ੀਨ ਦੀ ਲੋੜ ਪੈਂਦੀ ਹੋਵੇ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਅਧਿਕਾਰੀ ਨੂੰ ਪੈਸੇ ਦੇਣ ਸਮੇਂ ਮੁਹਾਲੀ ਦੇ ਇਕ ਨਾਮੀ ਬਿਲਡਰ ਦੀ ਗੱਡੀ ਵਰਤੀ ਗਈ ਹੈ ਤੇ ਹੁਣ ਉਕਤ ਬਿਲਡਰ ਦੀ ਸ਼ੱਕੀ ਭੂਮਿਕਾ ਬਾਰੇ ਹੋਰ ਪੁੱਛ ਪੜਤਾਲ ਕਰਨੀ ਹੈ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦੀ ਮੰਗ ਦਾ ਵਿਰੋਧ ਕੀਤਾ। ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ।