ਦਵਿੰਦਰ ਪਾਲ
ਚੰਡੀਗੜ੍ਹ, 19 ਅਗਸਤ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਤੇ ਹੋਰ ਥਾਵਾਂ ’ਤੇ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਸਿਆਸੀ ਤੌਰ ’ਤੇ ਹਾਸ਼ੀਏ ’ਤੇ ਬੈਠੀ ਭਾਜਪਾ ਦਾ ਪੰਜਾਬ ’ਚ ਮੁਕੰਮਲ ਭੋਗ ਪੈਣ ਦੇ ਸੰਕੇਤ ਕਿਸਾਨੀ ਅੰਦੋਲਨ ਦੀ ਜਿੱਤ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 11 ਮਹੀਨਿਆਂ ਤੋਂ ਪੰਜਾਬ ਵਿੱਚ ਭਾਜਪਾ ਦੀ ਰਾਜਸੀ ਸਰਗਰਮੀ ਠੱਪ ਹੋ ਗਈ ਹੈ। ਪਿਛਲੇ ਦਿਨਾਂ ਦੌਰਾਨ ਕਈ ਸੂਬਾਈ ਨੇਤਾ ਪਾਰਟੀ ਛੱਡ ਚੁੱਕੇ ਹਨ ਅਤੇ ਅਗਲੇ ਦਿਨਾਂ ਵਿੱਚ ਕਈ ਹੋਰ ਵੱਲੋਂ ਪਾਰਟੀ ਛੱਡਣ ਦੀਆਂ ਕਨਸੋਆਂ ਹਨ। ਅੱਜ ਨਾਟਕਕਾਰ ਅਜਮੇਰ ਔਲਖ ਦਾ ਜਨਮ ਦਿਨ ਸੀ ਤੇ ਧਰਨਿਆਂ ਵਿੱਚ ਉਨ੍ਹਾਂ ਦੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਸਿਜਦਾ ਕੀਤਾ ਗਿਆ।
ਮੋਦੀ ਵੱਲੋਂ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਝੂਠ ਬੋਲਣ ਦਾ ਦੋਸ਼
ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਦੀ ਫਸੀਲ ’ਤੇ ਖੜ੍ਹੇ ਹੋ ਕੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ (ਪੀਐੱਮਐੱਫਬੀਵਾਈ) ਬਾਰੇ ਕੋਰਾ ਝੂਠ ਬੋਲਿਆ ਹੈ। ਇਹ ਸਕੀਮ ਛੋਟੇ ਕਿਸਾਨਾਂ ਦੀ ਮਦਦ ਕਰਨ ਪੱਖੋਂ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਅਖਤਿਆਰ ਵਤੀਰੇ ਨੇ ਸਾਰੀ ਦੁਨੀਆਂ ਦੇ ਸਾਹਮਣੇ ਭਾਰਤ ਸਰਕਾਰ, ਭਾਜਪਾ ਅਤੇ ਹਾਕਮਾਂ ਦੇ ਹਮਾਇਤੀਆਂ ਦੀ ਅਸਲੀਅਤ ਸਾਹਮਣੇ ਲਿਆਂਦੀ ਹੈ।