ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਬੁਲਾਰੇ ਤੇ ਚੰਡੀਗੜ੍ਹ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਇੱਥੇ ਰਾਜ ਭਵਨ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੇ ਵਫ਼ਦ ਮੈਂਬਰਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਰਾਜਪਾਲ ਅੱਗੇ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਫ਼ਸਲ ਨਾ ਖਰੀਦ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਜਿਨ੍ਹਾਂ ਕਿਸਾਨਾਂ ਦੀ ਫ਼ਸਲ ਖ਼ਰੀਦੀ ਵੀ ਜਾ ਰਹੀ ਹੈ, ਉਹ 150 ਤੋਂ 200 ਰੁਪਏ ਪ੍ਰਤੀ ਕੁਇੰਟਲ ਦੇ ਕੱਟ ਲਾ ਕੇ ਖ਼ਰੀਦੀ ਜਾ ਰਹੀ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਬਿਜਾਂਦ ਸਮੇਂ ਡੀਏਪੀ ਖਾਦ ਵੀ ਵਧੇਰੇ ਜ਼ਰੂਰਤ ਪੈਂਦੀ ਹੈ, ਪਰ ਪੰਜਾਬ ਵਿੱਚ ਲੋੜੀਂਦੀ ਖਾਦ ਨਾ ਹੋਣ ਕਾਰਨ ਇਸ ਦੀ ਕਾਲਾਬਾਜ਼ਾਰੀ ਚੱਲ ਰਹੀ ਹੈ। ਕਿਸਾਨਾਂ ਨੂੰ ਖਾਦ ਮਹਿੰਗੇ ਭਾਅ ’ਤੇ ਵੇਚੀ ਜਾ ਰਹੀ ਹੈ ਜਾਂ ਖਾਦ ਦੇ ਨਾਲ ਵਾਧੂ ਦੇ ਪਦਾਰਥ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੋਵਾਂ ਹੱਥਾਂ ਨਾਲ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਸਾਰ ਵੀ ਨਹੀਂ ਲੈ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਕਿਸਾਨੀ ਦੇ ਮਸਲਿਆਂ ਵਿੱਚ ਨਿੱਜੀ ਤੌਰ ’ਤੇ ਦਖ਼ਲ ਦੇਣ, ਕਿਸਾਨਾਂ ਨੂੰ ਮੰਡੀਆਂ ਵਿੱਚ ਪਏ ਘਾਟੇ ਲਈ ਮੁਆਵਜ਼ਾ ਦੇਣ ਅਤੇ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਰੋਕਣ ਦੀ ਮੰਗ ਕੀਤੀ। ਰਾਜਪਾਲ ਸ੍ਰੀ ਕਟਾਰੀਆ ਨੇ ਵਫ਼ਦ ਦੀਆਂ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਇੰਦਕਜੀਤ ਸਿੰਘ, ਮਨਮੋਹਣ ਸਿੰਘ, ਗੁਰਪ੍ਰੀਤ ਸਿੰਘ ਅਤੇ ਜਗਤਾਰ ਸਿੰਘ ਵੀ ਮੌਜੂਦ ਸਨ।