ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਫਰਵਰੀ
ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਹਰਿ ਕੀ ਪਓੜੀ ਹਰਿਦੁਆਰ ’ਚ ਇਤਿਹਾਸਕ ਗੁਰਦੁਆਰਾ ਗਿਆਨੀ ਗੋਦੜੀ ਸਾਹਿਬ ਦੀ ਸਥਾਪਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ ਜਲਦ ਹੀ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੂੰ ਮਿਲੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬ ਨੂੰ ਲੈ ਕੇ ਬਣੀ ਸਬ-ਕਮੇਟੀ ਦੀ ਮੀਟਿੰਗ ਮਗਰੋਂ ਕੀਤਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਦੀ ਹਰਿਦੁਆਰ ਫੇਰੀ ਦੀ ਯਾਦ ਵਿੱਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਦੀ ਮੁੜ ਸਥਾਪਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਯਤਨ ਜਾਰੀ ਹਨ। ਇਸ ਤਹਿਤ ਹੀ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿਚ ਉਹ ਖ਼ੁਦ (ਬੀਬੀ ਜਗੀਰ ਕੌਰ) ਵੀ ਸ਼ਾਮਲ ਹੋਣਗੇ ਅਤੇ ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਪ੍ਰਧਾਨ ਸਮੇਤ ਸਿੱਖ ਸੰਪ੍ਰਦਾਵਾਂ ਦੇ ਆਗੂ ਵੀ ਇਸ ਦਾ ਹਿੱਸਾ ਹੋਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਗੱਲਬਾਤ ਸਬੰਧੀ ਸਮਾਂ ਲੈਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਂਸ਼ੀਪੁਰ ਤੋਂ ਮੈਂਬਰ ਹਰਭਜਨ ਸਿੰਘ ਚੀਮਾ ਨੂੰ ਵੀ ਮੁੱਖ ਮੰਤਰੀ ਤੋਂ ਸਮਾਂ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਬਾਬਾ ਗਿਆਨ ਦੇਵ ਸਿੰਘ, ਬਾਬਾ ਜਗਜੀਤ ਸਿੰਘ ਲੋਪੋਂ, ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਮੈਂਬਰ ਵੀ ਹਾਜ਼ਰ ਸਨ।