ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਨੂੰ ਬੇਅਦਬੀ ਦੇ ਮਾਮਲਿਆਂ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣਾ ਚਾਹੀਦਾ ਹੈ। ਇਸ ਸਬੰਧੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਸਮਾਣਾ ਸ਼ਹਿਰ ਵਿੱਚ ਟਾਵਰ ’ਤੇ ਚੜ੍ਹੇ ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਕਮੇਟੀ ਨੇ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਮਤੇ ਪਾਸ ਕਰਕੇ ਕਾਨੂੰਨ ਪਾਸ ਕਰਨ ਲਈ ਸਰਕਾਰਾਂ ਨੂੰ ਲਿਖਿਆ ਗਿਆ ਹੈ ਪਰ ਅਜੇ ਤੱਕ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੇ ਸਬੰਧ ਵਿੱਚ ਅੱਜ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਗੁਰਜੀਤ ਸਿੰਘ ਖ਼ਾਲਸਾ ਦੇ ਸੰਘਰਸ਼ ਵਿੱਚ ਸ਼ਾਮਲ ਹੋ ਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ ਹੈ।