ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 27 ਅਗਸਤ
ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹਾਲਾਂਕਿ ਪਹਿਲਾਂ ਸਰਕਾਰ ਨੇ ਇਕ ਪੱਤਰ ਜਾਰੀ ਕਰਕੇ ਭਰੋਸਾ ਦਿੱਤਾ ਸੀ ਕਿ ਪ੍ਰਾਈਵੇਟ ਸਕੂਲਾਂ ਨੂੰ ਅਲਵਿਦਾ ਆਖ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਟਰਾਂਸਫ਼ਰ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ ਪਰ ਹੁਣ ਸਕੂਲ ਖੁੱਲ੍ਹਣ ’ਤੇ ਸਕੂਲ ਟਰਾਂਸਫ਼ਰ ਸਰਟੀਫਿਕੇਟ ਮੰਗੇ ਜਾ ਰਹੇ ਹਨ ਅਤੇ ਆਖ਼ਰੀ ਤਾਰੀਖ਼ 31 ਅਗਸਤ ਰੱਖੀ ਗਈ ਹੈ। ਅੱਜ ਇੱਥੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਪ੍ਰਾਈਵੇਟ ਸਕੂਲ ਪ੍ਰਬੰਧਕ ਸਰਟੀਫਿਕੇਟ ਜਾਰੀ ਕਰਨ ਲਈ ਸਾਲਾਨਾ ਚਾਰਜ ਅਤੇ ਦਾਖ਼ਲਾ ਚਾਰਜ ਫੀਸਾਂ ਦੇਣ ਦੀ ਜ਼ਿੱਦ ਕਰ ਰਹੇ ਹਨ ਜਦੋਂਕਿ ਕਰੋਨਾ ਕਾਲ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਸਨ। ਉਨ੍ਹਾਂ ਕਿਹਾ ਕਿ ਇਸ ਬਾਰੇ ਸਰਕਾਰ ਨੇ ਚੁੱਪ ਧਾਰ ਲਈ ਹੈ। ਪੇਰੈਂਟਸ ਯੂਨੀਟੀ ਫਾਰ ਜਸਟਿਸ ਅਤੇ ਪੰਜਾਬ ਅਗੇਂਸਟ ਕੁਰੱਪਸ਼ਨ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਤੋਂ ਟਰਾਂਸਫ਼ਰ ਸਰਟੀਫਿਕੇਟ ਲੈਣ ਦੀ ਸ਼ਰਤ ਹਟਾਈ ਜਾਵੇ। ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੀ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਮੀਟਿੰਗ ਵਿੱਚ ਹਿਰਦੇਪਾਲ ਸਿੰਘ, ਮੁਨੀਸ਼ ਸੋਨੀ ਹਾਜ਼ਰ ਸਨ।