ਚਰਨਜੀਤ ਭੁੱਲਰ
ਚੰਡੀਗੜ੍ਹ, 11 ਫਰਵਰੀ
ਪੰਜਾਬ ਦੀ ਸਿਆਸਤ ਵਿੱਚ ਅੱਜ ਮੁੜ ਕਿਸਾਨ ਅੰਦੋਲਨ ਦੀ ਗੂੰਜ ਪਈ ਹੈ। ‘ਇੰਡੀਆ ਬਲਾਕ’ ਦੇ ਦੋ ਪ੍ਰਮੁੱਖ ਹਿੱਸੇਦਾਰਾਂ ਨੇ ਅੱਜ ਸੂਬੇ ਵਿੱਚ ਵੱਖੋ-ਵੱਖਰੀਆਂ ਰੈਲੀਆਂ ਕੀਤੀਆਂ ਪਰ ਕਿਸਾਨਾਂ ਦੇ ਮੁੱਦੇ ’ਤੇ ਉਨ੍ਹਾਂ ਦੀ ਸੁਰ ਇੱਕੋ ਰਹੀ। ਯਾਦ ਰਹੇ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਸਾਂਝੇ ਤੌਰ ’ਤੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਗਿਆ ਹੈ। ਅੱਜ ਪੰਜਾਬ ਦੀ ਧਰਤੀ ’ਤੇ ਇਸ ਅੰਦੋਲਨ ਨੂੰ ਸਿਆਸੀ ਸਮਰਥਨ ਵੀ ਮਿਲਿਆ ਹੈੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਖਡੂਰ ਸਾਹਿਬ ਵਿਚਲੀ ਸਿਆਸੀ ਰੈਲੀ ਵਿੱਚ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦੇ ’ਤੇ ਨਿਸ਼ਾਨੇ ’ਤੇ ਲੈਂਦਿਆਂ ਚਿਤਾਵਨੀ ਦਿੱਤੀ ਕਿ ਭਾਰਤ ਸਰਕਾਰ, ਪੰਜਾਬ ਨਾਲ ਆਢਾ ਨਾ ਲਾਵੇ ਕਿਉਂਕਿ ਕਣਕ ਤੇ ਚੌਲ ਤਾਂ ਦੇਸ਼ ਨੂੰ ਪੰਜਾਬ ਹੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੀ ਨਫ਼ਰਤ ਪੰਜਾਬ ਨੂੰ ਝੱਲਣੀ ਪੈ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਕੇਂਦਰ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗਾਣ ਵਿੱਚੋਂ ਵੀ ਪੰਜਾਬ ਨੂੰ ਬਾਹਰ ਕਰ ਦੇਵੇ। ਭਗਵੰਤ ਮਾਨ ਨੇ ਕੇਂਦਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਦਾ ਮੁੱਦਾ ਜ਼ੋਰਦਾਰ ਤਰੀਕੇ ਨਾਲ ਉਠਾਇਆ। ਯਾਦ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਤਿੰਨ ਕੇਂਦਰੀ ਵਜ਼ੀਰਾਂ ਵੱਲੋਂ ਕਿਸਾਨ ਧਿਰਾਂ ਦੇ ਆਗੂਆਂ ਨਾਲ ਕੀਤੀ ਮੀਟਿੰਗ ਵਿੱਚ ਮੋਹਰੀ ਭੂਮਿਕਾ ਨਿਭਾਈ ਸੀ। ਪੰਜਾਬ ਕਾਂਗਰਸ ਦੀ ਸਮਰਾਲਾ ਰੈਲੀ ਵਿੱਚ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਪਹੁੰਚੇ ਸਨ, ਜਿਨ੍ਹਾਂ ਆਪਣਾ ਸੰਬੋਧਨ ਪੰਜਾਬ ਦੀ ਧਰਤੀ ਤੋਂ ਕਿਸਾਨੀ ਅਤੇ ਜਵਾਨੀ ਦੇ ਮੁੱਦੇ ’ਤੇ ਕੇਂਦਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਹੁਣ ਮੁੜ ਅੰਦੋਲਨ ਦੇ ਰਾਹ ’ਤੇ ਹੈ। ਕੇਂਦਰ ਸਰਕਾਰ ਨੇ ਪਹਿਲੇ ਅੰਦੋਲਨ ਦੌਰਾਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ ਪਰ ਹਾਲੇ ਤੱਕ ਖੇਤੀ ਕਾਨੂੰਨ ਵਾਪਸ ਲੈਣ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਖੜਗੇ ਨੇ ਕਿਹਾ ਕਿ ਸਾਲ 2024 ਵਿੱਚ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਉਹ ਤਿੰਨੋ ਖੇਤੀ ਕਾਨੂੰਨਾਂ ਨੂੰ ਰੱਦ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਨੂੰ ਕਦੇ ਅਤਿਵਾਦੀ ਤੇ ਕਦੇ ਅੰਦੋਲਨਜੀਵੀ ਆਖਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕਰੇਗੀ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਕਾਂਗਰਸ ਅੰਦੋਲਨ ਨਾਲ ਜੁੜੇ ਰਹਿਣ ਦੀ ਹਦਾਇਤ ਕੀਤੀ। ਜਦੋਂ ਸਾਲ 2020 ਵਿੱਚ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ ਉਦੋਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਮਦਦ ਕੀਤੀ ਸੀ।
ਪੰਜਾਬ ਭਾਜਪਾ ਵੱਲੋਂ ਵੀ ਮਸ਼ਵਰਾ
ਭਾਜਪਾ ਦੀ ਪੰਜਾਬ ਲੀਡਰਸ਼ਿਪ ਨੇ ਦੋ ਦਿਨ ਪਹਿਲਾਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੁਪਾਨੀ ਦੀ ਮੀਟਿੰਗ ਵਿੱਚ ਇਹ ਮਸ਼ਵਰਾ ਦਿੱਤਾ ਸੀ ਕਿ ਕਿਸਾਨਾਂ ਦੇ ‘ਦਿੱਲੀ ਚੱਲੋ’ ਪ੍ਰੋਗਰਾਮ ਦਾ ਫੌਰੀ ਹੱਲ ਕੱਢਿਆ ਜਾਵੇ। ਕਈ ਆਗੂਆਂ ਨੇ ਕਿਹਾ ਕਿ ਕਿਤੇ ਇਹ ਨਾ ਹੋਵੇ ਕਿ ਪਹਿਲਾਂ ਵਾਂਗ ਦੇਸ਼ ਵਿੱਚ ਵੱਡਾ ਅੰਦੋਲਨ ਖੜ੍ਹਾ ਹੋ ਜਾਵੇ। ਭਾਜਪਾ ਲੀਡਰਸ਼ਿਪ ਨੇ ਇਹ ਮਾਮਲਾ ਫੌਰੀ ਨਜਿੱਠਣ ਦੀ ਸਲਾਹ ਦਿੱਤੀ ਸੀ।