ਚੰਡੀਗੜ੍ਹ (ਪੱਤਰ ਪ੍ਰੇਰਕ): ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੱਕ ਅਫ਼ਸਰ ਦੀ ਅਧਿਆਪਕਾ ਪਤਨੀ ਦੀ ਕੀਤੀ ਗਈ ਬਦਲੀ ਦਾ ਵਿਰੋਧ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਉਕਤ ਬਦਲੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਅੱਜ ਇਥੇ ਸਾਂਝੇ ਬਿਆਨ ਵਿੱਚ ਕਿਹਾ ਕਿ ‘ਆਪ’ ਸਰਕਾਰ ਦੇ ਇਸ਼ਾਰੇ ’ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਦਲੀਆਂ ਦੇ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਇੱਕ ਅਫ਼ਸਰ ਦੀ ਅਧਿਆਪਕਾ ਪਤਨੀ ਦੀ ਕੀਤੀ ਗਈ ‘ਖਾਸ’ ਬਦਲੀ ਨੇ ਪੰਜਾਬ ਵਿੱਚ ਆਮ ਜਨਤਾ ਦੀ ਸਰਕਾਰ ਹੋਣ ਦਾ ਭਰਮ ਫਿਰ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਚਹੇਤਿਆਂ ਨੂੰ ਮਰਜ਼ੀ ਦੇ ਸਟੇਸ਼ਨ ਦੇਣ ਲਈ ‘ਟੀਚਰਜ਼ ਟਰਾਂਸਫ਼ਰ ਨੀਤੀ-2019’ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦਾ ਹਵਾਲਾ ਦਿੰਦਿਆਂ ਜ਼ਿਲ੍ਹਾ ਜਲੰਧਰ ਦੇ ਇੱਕ ਸਰਕਾਰੀ ਸਕੂਲ ਤੋਂ ਬਦਲ ਕੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਵਿਸ਼ੇਸ਼ ਬਦਲੀ ਤੁਰੰਤ ਰੱਦ ਕੀਤੀ ਜਾਵੇ ਤੇ ਲੰਬੇ ਸਮੇਂ ਤੋਂ ਦੂਰ ਦੁਰਾਡੇ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਉਡੀਕਵਾਨ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਕੀਤੀਆਂ ਜਾਣ।